Breaking News >> News >> The Tribune


ਚੋਣਾਂ ਵਿੱਚ ਸੰਯੁਕਤ ਕਿਸਾਨ ਮੋਰਚੇ ਦਾ ਨਾਮ ਵਰਤਣ ਵਿਰੁੱਧ ਚਿਤਾਵਨੀ


Link [2022-01-29 05:14:16]



ਮਨਧੀਰ ਸਿੰਘ ਦਿਓਲ

ਨਵੀਂ ਦਿੱਲੀ, 28 ਜਨਵਰੀ

ਸੰਯੁਕਤ ਕਿਸਾਨ ਮੋਰਚੇ ਨੇ 31 ਜਨਵਰੀ ਨੂੰ ਮਨਾਏ ਜਾ ਰਹੇ 'ਵਿਸ਼ਵਾਸਘਾਤ ਦਿਵਸ' ਦੀਆਂ ਤਿਆਰੀਆਂ ਲਈ ਆਨਲਾਈਨ ਬੈਠਕ ਕੀਤੀ। ਇਸ ਦੌਰਾਨ ਉਨ੍ਹਾਂ ਸਪੱਸ਼ਟ ਕੀਤਾ ਕਿ ਪੰਜਾਬ ਸਮੇਤ ਪੰਜ ਸੂਬਿਆਂ ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਮੋਰਚੇ ਦਾ ਨਾਮ ਨਹੀਂ ਵਰਤਣ ਦਿੱਤਾ ਜਾਵੇਗਾ। ਮੋਰਚੇ ਦੀ ਤਾਲਮੇਲ ਕਮੇਟੀ ਨੇ ਮੀਟਿੰਗ ਦੌਰਾਨ 'ਮਿਸ਼ਨ ਉੱਤਰ ਪ੍ਰਦੇਸ਼' ਜਾਰੀ ਰੱਖਣ, ਮਿਸ਼ਨ ਦਾ ਅਗਲਾ ਦੌਰ 3 ਫਰਵਰੀ ਤੋਂ ਸ਼ੁਰੂ ਕਰਨ, ਕਿਸਾਨ ਵਿਰੋਧੀ ਭਾਜਪਾ ਨੂੰ ਸਜ਼ਾ ਦੇਣ ਅਤੇ 23-24 ਫਰਵਰੀ ਨੂੰ ਟਰੇਡ ਯੂਨੀਅਨਾਂ ਦੇ ਭਾਰਤ ਬੰਦ ਦੇ ਸੱਦੇ ਨੂੰ ਭਰਪੂਰ ਸਮਰਥਨ ਦੇਣ ਲਈ ਕਿਸਾਨਾਂ ਨੂੰ ਡੱਟਵੀਂ ਹਮਾਇਤ ਦੇਣ ਦੀ ਅਪੀਲ ਕੀਤੀ। ਕੇਂਦਰ ਸਰਕਾਰ ਵੱਲੋਂ ਕਿਸਾਨਾਂ ਦੀਆਂ ਰਹਿੰਦੀਆਂ ਮੰਗਾਂ ਵੱਲ ਧਿਆਨ ਨਾ ਦੇਣ ਦਾ ਸਖ਼ਤ ਨੋਟਿਸ ਲਿਆ ਗਿਆ ਅਤੇ 'ਵਿਸ਼ਵਾਸਘਾਤ ਦਿਵਸ' ਰਾਹੀਂ ਆਪਣੀ ਆਵਾਜ਼ ਮੋਦੀ ਸਰਕਾਰ ਤੱਕ ਪੁੱਜਦੀ ਕਰਨ ਦਾ ਅਹਿਦ ਲਿਆ ਗਿਆ। ਕਿਸਾਨ ਆਗੂਆਂ ਡਾ. ਦਰਸ਼ਨ ਪਾਲ, ਹਨਨ ਮੌਲਾ, ਜਗਜੀਤ ਸਿੰਘ ਡੱਲੇਵਾਲ, ਜੋਗਿੰਦਰ ਸਿੰਘ ਉਗਰਾਹਾਂ, ਸ਼ਿਵ ਕੁਮਾਰ ਸ਼ਰਮਾ (ਕੱਕਾ ਜੀ), ਯੁੱਧਵੀਰ ਸਿੰਘ ਅਤੇ ਯੋਗੇਂਦਰ ਯਾਦਵ ਨੇ ਸਾਂਝੇ ਬਿਆਨ ਵਿੱਚ ਕਿਹਾ ਕਿ ਪੰਜਾਬ ਤੇ ਹੋਰ ਰਾਜਾਂ ਦੀਆਂ ਚੋਣਾਂ ਦੇ ਸਬੰਧ ਵਿੱਚ ਸੰਯੁਕਤ ਕਿਸਾਨ ਮੋਰਚੇ ਦਾ ਨਾਮ, ਬੈਨਰ ਜਾਂ ਪਲੈਟਫਾਰਮ ਕਿਸੇ ਵੀ ਸਿਆਸੀ ਪਾਰਟੀ ਜਾਂ ਉਮੀਦਵਾਰ ਵੱਲੋਂ ਨਹੀਂ ਵਰਤਿਆ ਜਾਵੇਗਾ। ਉਨ੍ਹਾਂ ਚਿਤਾਵਨੀ ਦਿੱਤੀ ਕਿ ਅਜਿਹਾ ਕਰਨ ਵਾਲਿਆਂ ਖ਼ਿਲਾਫ਼ ਮੋਰਚੇ ਵੱਲੋਂ ਅਨੁਸ਼ਾਸਨੀ ਕਾਰਵਾਈ ਕੀਤੀ ਜਾਵੇਗੀ। ਆਗੂਆਂ ਨੇ ਕਿਹਾ ਕਿ 31 ਜਨਵਰੀ ਨੂੰ ਜ਼ਿਲ੍ਹਾ ਅਤੇ ਤਹਿਸੀਲ ਪੱਧਰ 'ਤੇ ਵੱਡੇ ਰੋਸ ਮੁਜ਼ਾਹਰੇ ਕੀਤੇ ਜਾਣਗੇ।

ਮੋਰਚੇ ਨਾਲ ਜੁੜੀਆਂ ਸਾਰੀਆਂ ਕਿਸਾਨ ਜਥੇਬੰਦੀਆਂ ਪੂਰੇ ਜੋਸ਼ ਨਾਲ ਇਸ ਦੀ ਤਿਆਰੀਆਂ ਵਿੱਚ ਜੁਟੀਆਂ ਹੋਈਆਂ ਹਨ। ਉਨ੍ਹਾਂ ਆਸ ਜਤਾਈ ਕਿ ਇਹ ਪ੍ਰੋਗਰਾਮ ਦੇਸ਼ ਦੇ ਘੱਟੋ-ਘੱਟ 500 ਜ਼ਿਲ੍ਹਿਆਂ ਵਿੱਚ ਆਯੋਜਿਤ ਕੀਤਾ ਜਾਵੇਗਾ। ਇਨ੍ਹਾਂ ਪ੍ਰਦਰਸ਼ਨਾਂ ਦੌਰਾਨ ਕੇਂਦਰ ਸਰਕਾਰ ਨੂੰ ਮੰਗ ਪੱਤਰ ਵੀ ਸੌਂਪਿਆ ਜਾਵੇਗਾ।

ਮੋਰਚੇ ਨੇ ਸਪੱਸ਼ਟ ਕੀਤਾ ਕਿ 'ਮਿਸ਼ਨ ਉੱਤਰ ਪ੍ਰਦੇਸ਼' ਜਾਰੀ ਰਹੇਗਾ, ਜਿਸ ਰਾਹੀਂ ਕਿਸਾਨ ਵਿਰੋਧੀ ਸ਼ਕਤੀ ਨੂੰ ਸਬਕ ਸਿਖਾਇਆ ਜਾਵੇਗਾ। ਇਸ ਤਹਿਤ ਅਜੈ ਮਿਸ਼ਰਾ ਟੈਨੀ ਨੂੰ ਕੇਂਦਰੀ ਮੰਤਰੀ ਮੰਡਲ 'ਚੋਂ ਬਰਖਾਸਤ ਅਤੇ ਗ੍ਰਿਫ਼ਤਾਰ ਨਾ ਕਰਨ, ਕਿਸਾਨਾਂ ਨਾਲ ਕੀਤੇ ਜਾ ਰਹੇ ਵਿਸ਼ਵਾਸਘਾਤ ਅਤੇ ਉੱਤਰ ਪ੍ਰਦੇਸ਼ ਸਰਕਾਰ ਦੀਆਂ ਕਿਸਾਨ ਵਿਰੋਧੀ ਨੀਤੀਆਂ ਲਈ ਭਾਜਪਾ ਦਾ ਵਿਰੋਧ ਕਰਨ ਦਾ ਸੱਦਾ ਦਿੱਤਾ ਜਾਵੇਗਾ।



Most Read

2024-09-23 14:29:01