Breaking News >> News >> The Tribune


ਪ੍ਰਧਾਨ ਮੰਤਰੀ ਵੱਲੋਂ ਗੁਰੂਆਂ ਦੀਆਂ ਸਿੱਖਿਆਵਾਂ ’ਤੇ ਚੱਲਣ ਦਾ ਸੱਦਾ


Link [2022-02-09 04:54:14]



ਨਵੀਂ ਦਿੱਲੀ (ਮਨਧੀਰ ਸਿੰਘ ਦਿਓਲ): ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪੰਜਾਬ ਦੇ ਗੁਆਚੇ ਮਾਣ ਨੂੰ ਮੁੜ ਕਾਇਮ ਕਰਨ ਲਈ ਪੰਜਾਬੀਆਂ ਨੂੰ ਭਾਰਤੀ ਜਨਤਾ ਪਾਰਟੀ ਦੀ ਅਗਵਾਈ ਵਾਲੇ ਐੱਨਡੀਏ ਗੱਠਜੋੜ ਨੂੰ ਵੋਟ ਅਤੇ ਹਮਾਇਤ ਦੇਣ ਦੀ ਅਪੀਲ ਕਰਦਿਆਂ ਸੂਬੇ ਵਿੱਚ ਡਬਲ ਇੰਜਣ ਸਰਕਾਰ ਲਿਆਉਣ ਦੀ ਲੋੜ ਉੱਪਰ ਜ਼ੋਰ ਦਿੱਤਾ ਹੈ। ਉਨ੍ਹਾਂ ਹਰ ਪੰਜਾਬੀ ਦੀ ਭਲਾਈ ਲਈ ਗੁਰੂਆਂ ਦੀਆਂ ਸੇਵਾ ਅਤੇ ਬਲਿਦਾਨ ਦੀਆਂ ਸਿੱਖਿਆਵਾਂ ਉਪਰ ਚੱਲਣ ਦਾ ਸੱਦਾ ਦਿੱਤਾ। ਸ੍ਰੀ ਮੋਦੀ ਦੋ ਸੰਸਦੀ ਹਲਕਿਆਂ ਲੁਧਿਆਣਾ ਤੇ ਫ਼ਤਿਹਗੜ੍ਹ ਸਾਹਿਬ ਅਧੀਨ ਆਉਂਦੇ 18 ਵਿਧਾਨ ਸਭਾ ਹਲਕਿਆਂ ਲਈ ਪਹਿਲੀ ਵਰਚੁਅਲ ਰੈਲੀ ਨੂੰ ਸੰਬੋਧਨ ਕਰ ਰਹੇ ਸਨ। ਸ੍ਰੀ ਮੋਦੀ ਨੇ ਕਿਹਾ ਕਿ ਐੱਨਡੀਏ ਕੋਲ ਪੰਜਾਬ ਦੀ ਤਰੱਕੀ ਵਾਸਤੇ ਵਿਸ਼ੇਸ਼ ਸੋਚ ਹੈ ਅਤੇ ਉਨ੍ਹਾਂ ਨੇ ਸੂਬੇ ਦੇ ਲੋਕਾਂ, ਖਾਸ ਕਰਕੇ ਨੌਜਵਾਨਾਂ ਨੂੰ 'ਸਬਕਾ ਸਾਥ, ਸਬਕਾ ਵਿਕਾਸ' ਲਈ ਭਾਜਪਾ ਦੀ ਅਗਵਾਈ ਵਾਲੇ ਗੱਠਜੋੜ ਨੂੰ ਵੋਟ ਦੇ ਕੇ ਇਸ ਤਰੱਕੀ ਦਾ ਹਿੱਸਾ ਬਣਨ ਲਈ ਕਿਹਾ ਹੈ। ਉਨ੍ਹਾਂ ਐਲਾਨ ਕੀਤਾ ਕਿ ਐੱਨਡੀਏ ਸਰਕਾਰ ਮੰਡੀ ਗੋਬਿੰਦਗੜ੍ਹ 'ਚ ਸਟੀਲ ਇੰਡਸਟਰੀ ਨੂੰ ਮੁੜ ਖੜ੍ਹਾ ਕਰਨ ਲਈ ਵਿਸ਼ੇਸ਼ ਧਿਆਨ ਦੇਵੇਗੀ ਅਤੇ ਲੁਧਿਆਣਾ ਵਿੱਚ ਟੈਕਸਟਾਈਲ ਇੰਡਸਟਰੀ ਨੂੰ ਪ੍ਰਮੋਟ ਕਰੇਗੀ। ਉਨ੍ਹਾਂ ਕਿਹਾ ਕਿ ਬੀਤੇ ਸੱਤ ਸਾਲਾਂ ਦੌਰਾਨ ਐੱਨਡੀਏ ਸਰਕਾਰ ਨੇ ਪੰਜਾਬ ਦੇ ਕਿਸਾਨਾਂ ਨੂੰ ਝੋਨੇ ਲਈ 2.25 ਲੱਖ ਕਰੋੜ ਰੁਪਏ ਅਦਾ ਕੀਤੇ ਹਨ, ਜਦੋਂਕਿ ਯੂਪੀਏ ਸਰਕਾਰ ਦੇ ਦਸ ਸਾਲਾਂ ਵਿੱਚ ਇਹ ਅੰਕੜਾ ਸਿਰਫ ਇੱਕ ਲੱਖ ਕਰੋੜ ਰੁਪਏ ਸੀ। ਇਸੇ ਸਮੇਂ ਦੌਰਾਨ ਕਿਸਾਨਾਂ ਨੂੰ ਕਣਕ ਲਈ 1.6 ਲੱਖ ਕਰੋੜ ਰੁਪਏ ਅਦਾ ਕੀਤੇ ਗਏ, ਜੋ ਯੂਪੀਏ ਦੇ ਮੁਕਾਬਲੇ ਦੁੱਗਣੇ ਤੋਂ ਜ਼ਿਆਦਾ ਹਨ। ਪ੍ਰਧਾਨ ਮੰਤਰੀ ਨੇ ਪੰਜਾਬ ਦੇ ਅਰਥਚਾਰੇ 'ਚ ਆਏ ਨਿਘਾਰ 'ਤੇ ਦੁੱਖ ਦਾ ਇਜ਼ਹਾਰ ਕੀਤਾ। ਉਨ੍ਹਾਂ ਕਿਹਾ ਕਿ ਇਕ ਸੂਬਾ ਜਿਹੜਾ ਬਾਹਰੀ ਲੋਕਾਂ ਨੂੰ ਰੁਜ਼ਗਾਰ ਦਿੰਦਾ ਸੀ, ਹੁਣ ਇਸ ਦੇ ਨੌਜਵਾਨ ਨੌਕਰੀਆਂ ਲਈ ਬਾਹਰ ਜਾ ਰਹੇ ਹਨ। ਉਨ੍ਹਾਂ ਨੇ ਪੰਜਾਬ ਲਈ ਏਜੰਡੇ ਦਾ ਖੁਲਾਸਾ ਕਰਦਿਆਂ ਕਿਹਾ ਕਿ ਐੱਨਡੀਏ ਨੇ ਇਕ ਲੱਖ ਕਰੋੜ ਰੁਪਏ ਪੰਜਾਬ ਅੰਦਰ ਮੁੱਢਲੇ ਵਿਕਾਸ ਵਾਸਤੇ ਪੱਕੇ ਰੱਖੇ ਹਨ, ਜਿਹੜੇ ਅਗਲੇ ਪੰਜ ਸਾਲਾਂ ਦੌਰਾਨ ਖਰਚੇ ਜਾਣਗੇ। ਪੰਜਾਬ ਅੰਦਰ ਨਸ਼ੇ ਦੀ ਸਮੱਸਿਆ ਦਾ ਜ਼ਿਕਰ ਕਰਦਿਆਂ, ਉਨ੍ਹਾਂ ਨੇ ਪੰਜਾਬ ਨੂੰ ਨਸ਼ਾ ਮੁਕਤ ਕਰਨ ਦਾ ਵਾਅਦਾ ਕੀਤਾ।

'ਖੁਸ਼ਨਸੀਬ ਹਾਂ ਕਿ ਮੈਨੂੰ ਛੋਟੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਨਮਾਨ ਦੇਣ ਦਾ ਮੌਕਾ ਮਿਲਿਆ'

ਪ੍ਰਧਾਨ ਮੰਤਰੀ ਨੇ ਆਪਣੇ ਭਾਸ਼ਣ ਦੀ ਸ਼ੁਰੂਆਤ ਪੰਜਾਬੀ ਵਿੱਚ ਕੀਤੀ। ਉਨ੍ਹਾਂ ਕਿਹਾ ਕਿ ਉਹ ਖੁਦ ਨੂੰ ਖੁਸ਼ਨਸੀਬ ਸਮਝਦੇ ਹਨ ਕਿ ਉਨ੍ਹਾਂ ਨੂੰ ਛੋਟੇ ਸਾਹਿਬਜ਼ਾਦਿਆਂ, ਸਾਹਿਬਜ਼ਾਦਾ ਜ਼ੋਰਾਵਰ ਸਿੰਘ ਅਤੇ ਸਾਹਿਬਜ਼ਾਦਾ ਫਤਿਹ ਸਿੰਘ ਦੀ ਮਹਾਨ ਸ਼ਹਾਦਤ ਨੂੰ ਸਨਮਾਨ ਦੇਣ ਦਾ ਮੌਕਾ ਮਿਲਿਆ। ਪ੍ਰਧਾਨ ਮੰਤਰੀ ਨੇ ਪਿਛਲੇ ਮਹੀਨੇ ਉਨ੍ਹਾਂ ਦੇ ਸ਼ਹੀਦੀ ਦਿਹਾੜੇ 26 ਦਸੰਬਰ ਨੂੰ ਵੀਰ ਬਾਲ ਦਿਵਸ ਐਲਾਨਿਆ ਸੀ, ਜਿਹੜਾ ਹਰ ਸਾਲ ਦੇਸ਼ ਭਰ ਵਿੱਚ ਮਨਾਇਆ ਜਾਵੇਗਾ। ਸ੍ਰੀ ਮੋਦੀ ਨੇ ਕਿਹਾ ਕਿ ਕਾਂਗਰਸ ਪਾਰਟੀ 1984 ਦੇ ਸਿੱਖ ਕਤਲੇਆਮ ਲਈ ਜ਼ਿੰਮੇਵਾਰ ਹੈ, ਜਦਕਿ ਭਾਜਪਾ ਨੇ ਇਸ ਦੇ ਗੁਨਾਹਗਾਰਾਂ ਨੂੰ ਸਜ਼ਾ ਦਿਵਾਈ। ਉਨ੍ਹਾਂ ਨੇ ਕਾਂਗਰਸ ਉੱਪਰ ਪੰਜਾਬ ਨੂੰ ਅਤਿਵਾਦ ਵਿਚ ਧੱਕਣ ਦਾ ਦੋਸ਼ ਲਾਇਆ। ਉਨ੍ਹਾਂ ਨੇ ਸਾਰੇ ਦੇਸ਼ ਦਾ ਢਿੱਡ ਭਰਨ ਵਾਲੇ ਪੰਜਾਬੀ ਕਿਸਾਨਾਂ ਦੀ ਸ਼ਲਾਘਾ ਕੀਤੀ।



Most Read

2024-09-23 04:40:35