Breaking News >> News >> The Tribune


ਬਸਪਾ ਵੱਲੋਂ ਵੀ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ ਦਾ ਐਲਾਨ


Link [2022-02-13 07:13:58]



ਔਰਈਆ (ਉੱਤਰ ਪ੍ਰਦੇਸ਼), 12 ਫਰਵਰੀ

ਸਮਾਜਵਾਦੀ ਪਾਰਟੀ ਤੋਂ ਬਾਅਦ ਬਹੁਜਨ ਸਮਾਜ ਪਾਰਟੀ ਨੇ ਵੀ ਅੱਜ ਐਲਾਨ ਕੀਤਾ ਹੈ ਕਿ ਜੇਕਰ ਪਾਰਟੀ ਜਿੱਤ ਕੇ ਸੱਤਾ ਵਿਚ ਆਉਂਦੀ ਹੈ ਤਾਂ ਸੂਬੇ ਦੇ ਸਰਕਾਰੀ ਮੁਲਾਜ਼ਮਾਂ ਲਈ ਪੁਰਾਣੀ ਪੈਨਸ਼ਨ ਯੋਜਨਾ ਬਹਾਲ ਕੀਤੀ ਜਾਵੇਗੀ।

ਔਰਈਆ ਵਿਚ ਇਕ ਚੋਣ ਮੀਟਿੰਗ ਨੂੰ ਸੰਬੋਧਨ ਕਰਦਿਆਂ ਬਸਪਾ ਮੁਖੀ ਮਾਇਆਵਤੀ ਨੇ ਵਾਅਦਾ ਕੀਤਾ ਕਿ ਆਪਣੀਆਂ ਮੰਗਾਂ ਲਈ ਪ੍ਰਦਰਸ਼ਨ ਕਰ ਰਹੇ ਸਿੱਖਿਆ ਵਿਭਾਗ ਅਤੇ ਹੋਰਨਾਂ ਵਿਭਾਗਾਂ ਦੇ ਮੁਲਾਜ਼ਮਾਂ ਦੀਆਂ ਮੰਗਾਂ 'ਤੇ ਗੌਰ ਕਰਨ ਲਈ ਇਕ ਕਮਿਸ਼ਨ ਬਣਾਇਆ ਜਾਵੇਗਾ ਅਤੇ ਉਨ੍ਹਾਂ ਦੀਆਂ ਜਾਇਜ਼ ਮੰਗਾਂ ਮੰਨੀਆਂ ਜਾਣਗੀਆਂ।'' ਉਨ੍ਹਾਂ ਕਿਹਾ, ''ਇਨ੍ਹਾਂ ਮੰਗਾਂ ਵਿਚ ਮੁਲਾਜ਼ਮਾਂ ਲਈ ਪੁਰਾਣੀ ਪੈਨਸ਼ਨ ਸਕੀਮ ਦਾ ਮੁੱਦਾ ਵੀ ਸ਼ਾਮਲ ਹੈ ਕਿਉਂਕਿ ਸਾਡੀ ਪਾਰਟੀ ਨਵੀਂ ਪੈਨਸ਼ਨ ਪ੍ਰਣਾਲੀ ਨਾਲ ਬਿਲਕੁਲ ਸਹਿਮਤ ਨਹੀਂ ਹੈ। ਬਸਪਾ ਦੀ ਸਰਕਾਰ ਬਣਨ ਤੋਂ ਬਾਅਦ ਪੁਰਾਣੀ ਪੈਨਸ਼ਨ ਸਕੀਮ ਮੁੜ ਤੋਂ ਲਾਗੂ ਕੀਤੀ ਜਾਵੇਗੀ।'' ਇਸ ਤੋਂ ਪਹਿਲਾਂ ਸਮਾਜਵਾਦੀ ਪਾਰਟੀ ਦੇ ਪ੍ਰਧਾਨ ਅਖਿਲੇਸ਼ ਯਾਦਵ ਨੇ ਐਲਾਨ ਕੀਤਾ ਸੀ ਕਿ ਜੇਕਰ ਉਨ੍ਹਾਂ ਦੀ ਪਾਰਟੀ ਸੱਤਾ ਵਿਚ ਆਉਂਦੀ ਹੈ ਤਾਂ ਸੂਬੇ ਦੇ ਮੁਲਾਜ਼ਮਾਂ ਲਈ ਪੁਰਾਣੀ ਪੈਨਸ਼ਨ ਪ੍ਰਣਾਲੀ ਬਹਾਲ ਕੀਤੀ ਜਾਵੇਗੀ। ਉੱਤਰ ਪ੍ਰਦੇਸ਼ ਰਾਜ ਕਰਮਚਾਰੀ ਸੰਯੁਕਤ ਪਰਿਸ਼ਦ ਮੁਤਾਬਕ 2005 ਤੋਂ ਬਾਅਦ ਨਿਯੁਕਤ ਕੀਤੇ ਗਏ ਕਰੀਬ 10 ਲੱਖ ਅਧਿਆਪਕਾਂ ਅਤੇ ਮੁਲਾਜ਼ਮਾਂ ਨੂੰ ਪੁਰਾਣੀ ਪੈਨਸ਼ਨ ਸਕੀਮ ਦਾ ਲਾਭ ਨਹੀਂ ਮਿਲ ਰਿਹਾ ਹੈ। ਇਸ ਦੌਰਾਨ ਭਾਜਪਾ ਸਰਕਾਰ 'ਤੇ ਨਿਸ਼ਾਨਾ ਸੇਧਦਿਆਂ ਮਾਇਆਵਤੀ ਨੇ ਕਿਹਾ ਕਿ ਭਾਜਪਾ ਦੀਆਂ ਗਲਤ ਨੀਤੀਆਂ ਕਾਰਲ ਗਰੀਬੀ, ਬੇਰੁਜ਼ਗਾਰੀ ਅਤੇ ਮਹਿੰਗਾਈ ਸਿਖ਼ਰਾਂ 'ਤੇ ਪਹੁੰਚ ਗਈ ਹੈ। ਉਨ੍ਹਾਂ ਦਾਅਵਾ ਕੀਤਾ ਕਿ ਵਿਧਾਨ ਸਭਾ ਚੋਣਾਂ ਕਾਰਨ ਘਟੀਆਂ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ, ਚੋਣਾਂ ਤੋਂ ਬਾਅਦ ਫਿਰ ਵਧ ਜਾਣਗੀਆਂ। ਉਨ੍ਹਾਂ ਕਿਹਾ ਕਿ ਸਰਕਾਰ ਦੀਆਂ ਗਲਤ ਨੀਤੀਆਂ ਕਰ ਕੇ ਕਿਸਾਨਾਂ ਨੂੰ ਵੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪਿਆ। ਇਸ ਦੌਰਾਨ ਸਾਬਕਾ ਮੁੱਖ ਮੰਤਰੀ ਨੇ ਕਾਂਗਰਸ 'ਤੇ ਵੀ ਦਲਿਤ ਵਿਰੋਧੀ, ਕਬਾਇਲੀਆਂ ਵਿਰੋਧੀ ਅਤੇ ਹੋਰਨਾਂ ਪੱਛੜੀਆਂ ਸ਼੍ਰੇਣੀਆਂ ਵਿਰੋਧੀ ਹੋਣ ਦੇ ਦੋਸ਼ ਲਗਾਏ। ਉੱਤਰ ਪ੍ਰਦੇਸ਼ ਵਿਚ ਕਾਨੂੰਨ ਵਿਵਸਥਾ ਮਜ਼ਬੂਤ ਕਰਨ ਲਈ ਉਨ੍ਹਾਂ ਵੋਟਰਾਂ ਨੂੰ ਬਸਪਾ ਉਮੀਦਵਾਰਾਂ ਨੂੰ ਵੋਟ ਪਾਉਣ ਦੀ ਅਪੀਲ ਕੀਤੀ। -ਪੀਟੀਆਈ



Most Read

2024-09-23 00:21:26