Breaking News >> News >> The Tribune


ਭਗਵੰਤ ਮਾਨ ਵੱਲੋਂ ਸਰਕਾਰ ਬਣਾਉਣ ਦਾ ਦਾਅਵਾ ਪੇਸ਼


Link [2022-03-13 05:14:03]



ਆਤਿਸ਼ ਗੁਪਤਾ

ਚੰਡੀਗੜ੍ਹ, 12 ਮਾਰਚ

ਆਮ ਆਦਮੀ ਪਾਰਟੀ (ਆਪ) ਵੱਲੋਂ ਪਹਿਲੇ ਅਤੇ ਪੰਜਾਬ ਦੇ 17ਵੇਂ ਮੁੱਖ ਮੰਤਰੀ ਬਣਨ ਜਾ ਰਹੇ ਭਗਵੰਤ ਮਾਨ ਨੇ ਅੱਜ ਚੰਡੀਗੜ੍ਹ ਸਥਿਤ ਰਾਜ ਭਵਨ 'ਚ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨਾਲ ਮੁਲਾਕਾਤ ਕਰਕੇ ਸਰਕਾਰ ਬਣਾਉਣ ਦਾ ਦਾਅਵਾ ਪੇਸ਼ ਕੀਤਾ ਹੈ। ਉਨ੍ਹਾਂ 'ਆਪ' ਦੇ ਚੁਣੇ ਗਏ ਸਾਰੇ ਵਿਧਾਇਕਾਂ ਦੀ ਹਮਾਇਤ ਵਾਲਾ ਪੱਤਰ ਰਾਜਪਾਲ ਨੂੰ ਸੌਂਪਿਆ। ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਸ੍ਰੀ ਮਾਨ ਦੇ ਦਾਅਵੇ ਨੂੰ ਪ੍ਰਵਾਨ ਕਰ ਲਿਆ ਹੈ। ਭਗਵੰਤ ਮਾਨ 16 ਮਾਰਚ ਨੂੰ ਦੁਪਹਿਰ 12.30 ਵਜੇ ਸ਼ਹੀਦਾਂ ਦੀ ਧਰਤੀ ਖਟਕੜ ਕਲਾਂ 'ਚ ਸਹੁੰ ਚੁੱਕਣਗੇ।

ਰਾਜਪਾਲ ਨਾਲ ਮੁਲਾਕਾਤ ਤੋਂ ਬਾਅਦ ਭਗਵੰਤ ਮਾਨ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ 16 ਮਾਰਚ ਨੂੰ ਸਿਰਫ਼ ਉਹ ਹੀ ਨਹੀਂ ਬਲਕਿ ਪੰਜਾਬ ਦੀ ਖੁਸ਼ਹਾਲੀ ਲਈ ਪੁੂਰੇ ਪੰਜਾਬ ਦੇ ਲੋਕ ਸਹੁੰ ਚੁੱਕਣਗੇ। ਉਨ੍ਹਾਂ ਪੰਜਾਬ ਦੇ ਲੋਕਾਂ ਨੂੰ ਸਹੁੰ ਚੁੱਕ ਸਮਾਗਮ ਵਿੱਚ ਸ਼ਾਮਲ ਹੋਣ ਦਾ ਸੱਦਾ ਦਿੱਤਾ ਹੈ ਤਾਂ ਜੋ ਮੁੱਖ ਮੰਤਰੀ, ਮੰਤਰੀ ਅਤੇ ਸਾਰੇ ਲੋਕ ਮਿਲ ਕੇ ਪੰਜਾਬ ਨੂੰ ਪਹਿਲਾਂ ਦੀ ਤਰ੍ਹਾਂ ਖੁਸ਼ਹਾਲ ਅਤੇ ਮਜ਼ਬੂਤ ਬਣਾ ਸਕੀਏ। ਸ੍ਰੀ ਮਾਨ ਨੇ ਕਿਹਾ ਕਿ ਸ਼ਹੀਦ ਭਗਤ ਸਿੰਘ ਦੇ ਰਾਹ 'ਤੇ ਚਲਦਿਆਂ ਪੰਜਾਬ ਦੀ ਨਵੀਂ ਸਰਕਾਰ ਵੱਲੋਂ ਕਈ ਵੱਡੇ ਫ਼ੈਸਲੇ ਲਏ ਜਾਣਗੇ। ਉਨ੍ਹਾਂ ਕਿਹਾ ਕਿ ਪੰਜਾਬੀਆਂ ਦੇ ਭਰੋਸੇ 'ਤੇ ਖਰਾ ਉਤਰਨ ਲਈ ਅਜਿਹੀ ਕੈਬਨਿਟ ਬਣਾਈ ਜਾਵੇਗੀ ਜੋ ਪੰਜਾਬ ਦੇ ਭਲੇ ਲਈ ਇਤਿਹਾਸਕ ਫ਼ੈਸਲੇ ਲੈ ਸਕੇ।

ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਆਪ ਨੂੰ ਮਿਲੀ ਇਤਿਹਾਸਕ ਜਿੱਤ ਬਾਅਦ ਉੱਤਰ ਪ੍ਰਦੇਸ਼ ਦੇ ਸ਼ਹਿਰ ਪ੍ਰਯਾਗਰਾਜ ਵਿੱਚ ਪਾਰਟੀ ਵਰਕਰ ਕੌਮੀ ਝੰਡੇ ਲੈ ਕੇ ਮਾਰਚ ਕੱਢਦੇ ਹੋਏ। -ਫੋਟੋ: ਪੀਟੀਆਈ

ਪੰਜਾਬ ਦੇ ਨਵੇਂ ਮੁੱਖ ਮੰਤਰੀ ਭਗਵੰਤ ਮਾਨ ਦੇ ਸਹੁੰ ਚੁੱਕ ਸਮਾਗਮ ਵਿੱਚ 'ਆਪ' ਦੇ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵਿਸ਼ੇਸ਼ ਤੌਰ 'ਤੇ ਸ਼ਾਮਲ ਹੋਣਗੇ। ਦਿੱਲੀ ਦੇ ਉੱਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਸਣੇ ਪਾਰਟੀ ਦੇ ਹੋਰ ਵੱਡੇ ਆਗੂ ਵੀ ਪਹੁੰਚ ਸਕਦੇ ਹਨ।

ਜ਼ਿਕਰਯੋਗ ਹੈ ਕਿ ਭਗਵੰਤ ਮਾਨ ਅੱਜ ਸਰਕਾਰੀ ਗੱਡੀ ਦੀ ਥਾਂ ਆਪਣੀ ਗੱਡੀ ਵਿੱਚ ਬੈਠ ਕੇ ਰਾਜ ਭਵਨ ਪਹੁੰਚੇ ਸਨ। ਇਸ ਤਰ੍ਹਾਂ ਸ੍ਰੀ ਮਾਨ ਨੇ ਰਵਾਇਤੀ ਪਾਰਟੀਆਂ ਦੇ ਚਲਣ ਤੋਂ ਦੂਰ ਹੁੰਦਿਆ ਪੰਜਾਬ ਪੱਖੀ ਹੋਣ ਦਾ ਸੁਨੇਹਾ ਦੇਣ ਦੀ ਕੋਸ਼ਿਸ਼ ਕੀਤੀ ਹੈ। ਦੱਸਣਯੋਗ ਹੈ ਕਿ ਲੰਘੀ ਰਾਤ ਸ੍ਰੀ ਮਾਨ ਨੇ ਪੰਜਾਬ ਦੇ ਮੁੱਖ ਸਕੱਤਰ ਅਨਿਰੁੱਧ ਤਿਵਾੜੀ ਅਤੇ ਡੀਜੀਪੀ ਵੀਕੇ ਭਾਵਰਾ ਨਾਲ ਮੀਟਿੰਗ ਕੀਤੀ ਤੇ ਸੂਬੇ 'ਚ ਮੁਲਾਜ਼ਮਾਂ ਨੂੰ ਅਨੁਸ਼ਾਸਨ ਯਕੀਨੀ ਬਣਾਉਣ ਦੀ ਹਦਾਇਤ ਕੀਤੀ ਹੈ।

ਪੰਜਾਬ ਵਿੱਚ ਆਮ ਆਦਮੀ ਪਾਰਟੀ ਨੂੰ ਮਿਲੀ ਸ਼ਾਨਦਾਰ ਜਿੱਤ ਬਾਅਦ ਸ਼ਿਮਲਾ ਵਿੱਚ ਸ਼ਨਿਚਰਵਾਰ ਨੂੰ ਪਾਰਟੀ ਵਾਲੰਟੀਅਰ ਮਾਰਚ ਕੱਢਦੇ ਹੋਏ। -ਫੋਟੋ:ਪੀਟੀਆਈ

Most Read

2024-09-22 10:44:31