Breaking News >> News >> The Tribune


ਯੋਗੀ ਵੱਲੋਂ ਉਪ ਰਾਸ਼ਟਰਪਤੀ ਤੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ


Link [2022-03-14 15:37:27]



ਨਵੀਂ ਦਿੱਲੀ, 13 ਮਾਰਚ

ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਨੇ ਵਿਧਾਨ ਸਭਾ ਚੋਣਾਂ 'ਚ ਭਾਰਤੀ ਜਨਤਾ ਪਾਰਟੀ ਦੀ ਜਿੱਤ ਤੋਂ ਬਾਅਦ ਕੌਮੀ ਰਾਜਧਾਨੀ ਦੇ ਆਪਣੇ ਪਹਿਲੇ ਦੌਰੇ ਦੌਰਾਨ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ। ਇਸ ਤੋਂ ਪਹਿਲਾਂ ਯੋਗੀ ਨੇ ਉਪ ਰਾਸ਼ਟਰਪਤੀ ਐੱਮ ਵੈਂਕਈਆ ਨਾਇਡੂ ਤੇ ਭਾਜਪਾ ਦੇ ਜਨਰਲ ਸਕੱਤਰ (ਜਥੇਬੰਦਕ) ਬੀ.ਐੱਲ. ਸੰਤੋਸ਼ ਨਾਲ ਵੀ ਮੁਲਾਕਾਤ ਕੀਤੀ। ਯੋਗੀ ਵੱਲੋਂ ਭਾਜਪਾ ਪ੍ਰਧਾਨ ਜੇਪੀ ਨੱਢਾ, ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਤੇ ਰੱਖਿਆ ਮੰਤਰੀ ਰਾਜਨਾਥ ਸਿੰਘ ਨਾਲ ਮੁਲਾਕਾਤ ਕਰਨ ਦੀ ਵੀ ਸੰਭਾਵਨਾ ਹੈ। ਮੁੱਖ ਮੰਤਰੀ ਵਜੋਂ ਲਗਾਤਾਰ ਦੂਜੇ ਕਾਰਜਕਾਲ ਲਈ ਸਹੁੰ ਚੁੱਕਣ ਦੀ ਤਿਆਰੀ ਕਰ ਰਹੇ ਆਦਿੱਤਿਆਨਾਥ, ਸ਼ਾਹ ਤੇ ਨੱਢਾ ਸਮੇਤ ਸੀਨੀਅਰ ਲੀਡਰਸ਼ਿਪ ਨਾਲ ਗੱਲਬਾਤ ਦੌਰਾਨ ਸਰਕਾਰ ਦੇ ਗਠਨ ਨਾਲ ਸਬੰਧਤ ਮੁੱਦਿਆਂ 'ਤੇ ਚਰਚਾ ਕਰ ਸਕਦੇ ਹਨ। ਸੂਤਰਾਂ ਨੇ ਦੱਸਿਆ ਕਿ ਆਦਿੱਤਿਆਨਾਥ ਦੇ ਦੋ ਦਿਨ ਤੱਕ ਕੌਮੀ ਰਾਜਧਾਨੀ 'ਚ ਰੁਕਣ ਦੀ ਸੰਭਾਵਨਾ ਹੈ। ਜ਼ਿਕਰਯੋਗ ਹੈ ਕਿ ਭਾਜਪਾ ਨੂੰ ਯੂਪੀ ਦੀ 403 ਮੈਂਬਰੀ ਵਿਧਾਨ ਸਭਾ ਲਈ ਹਾਲ ਹੀ 'ਚ ਹੋਈਆਂ ਚੋਣਾਂ 'ਚ 255 ਸੀਟਾਂ ਹਾਸਲ ਹੋਈਆਂ ਹਨ ਤੇ ਉਸ ਦੀਆਂ ਦੋ ਸਹਿਯੋਗੀ ਪਾਰਟੀਆਂ ਨੂੰ 18 ਸੀਟਾਂ ਮਿਲੀਆਂ ਹਨ। ਸਿਆਸੀ ਮਾਹਰਾਂ ਦਾ ਮੰਨਣਾ ਹੈ ਕਿ ਇਸ ਜਿੱਤ ਨਾਲ ਆਦਿੱਤਿਆਨਾਥ ਦਾ ਕੱਦ ਵਧਿਆ ਹੈ ਕਿਉਂਕਿ ਰਾਜ 'ਚ ਭਾਜਪਾ ਦੇ ਮੁੜ ਜਿੱਤਣ ਦੀਆਂ ਕੋਸ਼ਿਸ਼ਾਂ ਦੇ ਕੇਂਦਰ 'ਚ ਉਨ੍ਹਾਂ ਦੀ ਅਗਵਾਈ ਸੀ। -ਪੀਟੀਆਈ

ਯੂਪੀ ਨੂੰ ਵਿਕਾਸ ਦੀਆਂ ਬੁਲੰਦੀਆਂ 'ਤੇ ਲਿਜਾਣਗੇ ਯੋਗੀ: ਮੋਦੀ

ਨਵੀਂ ਦਿੱਲੀ: ਯੋਗੀ ਆਦਿੱਤਿਆਨਾਥ ਨਾਲ ਮੁਲਾਕਾਤ ਮਗਰੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਭਰੋਸਾ ਜ਼ਾਹਿਰ ਕੀਤਾ ਕਿ ਉਹ ਉੱਤਰ ਪ੍ਰਦੇਸ਼ ਨੂੰ ਵਿਕਾਸ ਦੀਆਂ ਨਵੀਆਂ ਬੁਲੰਦੀਆਂ ਤੱਕ ਲਿਜਾਣਗੇ। ਪ੍ਰਧਾਨ ਮੰਤਰੀ ਨੇ ਟਵੀਟ ਕੀਤਾ, 'ਯੋਗੀ ਆਦਿੱਤਿਆਨਾਥ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਯੂਪੀ ਚੋਣਾਂ ਜਿੱਤਣ ਲਈ ਵਧਾਈ ਦਿੱਤੀ। ਉਨ੍ਹਾਂ ਪੰਜ ਸਾਲ ਲੋਕਾਂ ਦੀਆਂ ਆਸਾਂ ਪੂਰੀਆਂ ਕਰਨ ਲਈ ਅਣਥੱਕ ਕੰਮ ਕੀਤਾ। ਮੈਨੂੰ ਪੂਰਾ ਭਰੋਸਾ ਹੈ ਕਿ ਉਹ ਆਉਣ ਵਾਲੇ ਸਾਲਾਂ 'ਚ ਯੂਪੀ ਨੂੰ ਵਿਕਾਸ ਦੀਆਂ ਨਵੀਆਂ ਬੁਲੰਦੀਆਂ 'ਤੇ ਲਿਜਾਣਗੇ।' -ਪੀਟੀਆਈ



Most Read

2024-09-22 10:54:04