Breaking News >> News >> The Tribune


ਬੀਰਭੂਮ ਕਾਂਡ: ਗ੍ਰਹਿ ਮੰਤਰਾਲੇ ਨੇ ਪੱਛਮੀ ਬੰਗਾਲ ਸਰਕਾਰ ਤੋਂ ਰਿਪੋਰਟ ਮੰਗੀ


Link [2022-03-23 05:54:17]



ਨਵੀਂ ਦਿੱਲੀ, 22 ਮਾਰਚ

ਬੀਰਭੂਮ ਜ਼ਿਲ੍ਹੇ ਵਿੱਚ ਅੱਠ ਵਿਅਕਤੀਆਂ ਦੇ ਸੜ ਕੇ ਮਰਨ ਸਬੰਧੀ ਮਾਮਲੇ ਵਿੱਚ ਕੇਂਦਰੀ ਗ੍ਰਹਿ ਮੰਤਰਾਲੇ ਨੇ ਪੱਛਮੀ ਬੰਗਾਲ ਸਰਕਾਰ ਤੋਂ ਰਿਪੋਰਟ ਮੰਗ ਲਈ ਹੈ। ਇਹ ਕਦਮ ਪੱਛਮੀ ਬੰਗਾਲ ਦੇ ਭਾਜਪਾ ਐੱਮਪੀਜ਼ ਦੇ ਨੌਂ ਮੈਂਬਰੀ ਵਫ਼ਦ ਵੱਲੋਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਮਿਲਕੇ ਉਨ੍ਹਾਂ ਨੂੰ ਇਸ ਮਾਮਲੇ ਵਿੱਚ ਦਖ਼ਲ ਦੇਣ ਤੇ ਇਸ ਅਪਰਾਧ ਨੂੰ ਅੰਜਾਮ ਦੇਣ ਵਾਲਿਆਂ ਖ਼ਿਲਾਫ਼ ਕਾਰਵਾਈ ਕਰਨ ਦੀ ਮੰਗ ਪਿੱਛੋਂ ਚੁੱਕਿਆ ਗਿਆ ਹੈ। ਸੂਤਰਾਂ ਮੁਤਾਬਕ ਸਥਿਤੀ ਦਾ ਜਾਇਜ਼ਾ ਲੈਣ ਲਈ ਜਲਦੀ ਹੀ ਇੱਕ ਕੇਂਦਰੀ ਟੀਮ ਭੇਜੀ ਜਾਵੇਗੀ ਪਰ ਇਸ ਸਬੰਧੀ ਅਜੇ ਸਰਕਾਰੀ ਪੱਧਰ 'ਤੇ ਪੁਸ਼ਟੀ ਨਹੀਂ ਮਿਲ ਸਕੀ ਹੈ।

ਅਧਿਕਾਰੀਆਂ ਨੇ ਦੱਸਿਆ ਕਿ ਮੰਤਰਾਲੇ ਨੇ ਪੱਛਮੀ ਬੰਗਾਲ ਸਰਕਾਰ ਨੂੰ ਕਾਨੂੰਨ ਵਿਵਸਥਾ ਬਣਾਈ ਰੱਖਣ ਤੇ ਇਨ੍ਹਾਂ ਕਤਲਾਂ ਦੇ ਮੱਦੇਨਜ਼ਰ ਆਮ ਲੋਕਾਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਕਿਹਾ ਹੈ। ਸੂਬਾ ਸਰਕਾਰ ਨੂੰ ਇਸ ਘਟਨਾ ਸਬੰਧੀ ਜਲਦੀ ਤੋਂ ਜਲਦੀ ਇੱਕ ਵਿਸਤ੍ਰਿਤ ਰਿਪੋਰਟ ਭੇਜਣ ਲਈ ਕਿਹਾ ਗਿਆ ਹੈ। ਪੁਲੀਸ ਨੇ ਦੱਸਿਆ ਕਿ ਬੀਰਭੂਮ ਜ਼ਿਲ੍ਹੇ ਦੇ ਰਾਮਪੁਰਹਾਤ 'ਚ ਤੜਕੇ ਕੁਝ ਘਰਾਂ ਨੂੰ ਅੱਗ ਲੱਗਣ ਕਾਰਨ 8 ਵਿਅਕਤੀ ਮਾਰੇ ਗਏ ਸਨ, ਜਿਨ੍ਹਾਂ ਵਿੱਚ ਦੋ ਬੱਚੇ ਵੀ ਸ਼ਾਮਲ ਹਨ। ਡੀਜੀਪੀ ਮਨੋਜ ਮਾਲਵੀਆ ਨੇ ਕਿਹਾ ਕਿ ਇਹ ਘਟਨਾ ਤ੍ਰਿਣਮੂਲ ਕਾਂਗਰਸ ਪੰਚਾਇਤ ਦੇ ਆਗੂ ਦੇ ਕਤਲ ਦੇ ਕੁਝ ਘੰਟਿਆਂ ਮਗਰੋਂ ਵਾਪਰੀ ਹੈ। -ਪੀਟੀਆਈ

ਨੱਡਾ ਵੱਲੋਂ ਜਾਂਚ ਲਈ ਪੰਜ ਮੈਂਬਰੀ ਕਮੇਟੀ ਕਾਇਮ

ਨਵੀਂ ਦਿੱਲੀ: ਭਾਜਪਾ ਮੁਖੀ ਜੇ ਪੀ ਨੱਡਾ ਨੇ ਇਸ ਅਗਨੀ ਕਾਂਡ ਦੀ ਜਾਂਚ ਲਈ ਅੱਜ ਪੰਜ ਮੈਂਬਰੀ ਕਮੇਟੀ ਬਣਾਈ ਹੈ, ਜਿਨ੍ਹਾਂ ਵਿੱਚ ਚਾਰ ਸੰਸਦ ਮੈਂਬਰ ਸ਼ਾਮਲ ਹਨ। ਇਸ ਕਮੇਟੀ ਵਿੱਚ ਯੂਪੀ ਦੇ ਸਾਬਕਾ ਡੀਜੀਪੀ ਬ੍ਰਿਜਲਾਲ, ਮੁੰਬਈ ਦੇ ਸਾਬਕਾ ਪੁਲੀਸ ਕਮਿਸ਼ਨਰ ਸੱਤਿਆਪਾਲ ਸਿੰਘ, ਸਾਬਕਾ ਆਈਪੀਐੱਸ ਅਧਿਕਾਰੀ ਕੇ ਸੀ ਰਾਮਮੂਰਤੀ, ਪੱਛਮੀ ਬੰਗਾਲ ਭਾਜਪਾ ਮੁਖੀ ਸੁਕਾਂਤ ਮਜੂਮਦਾਰ- ਸਾਰੇ ਸੰਸਦ ਮੈਂਬਰ ਤੇ ਸਾਬਕਾ ਆਈਪੀਐੱਸ ਅਧਿਕਾਰੀ ਭਾਰਤੀ ਘੋਸ਼ ਨੂੰ ਸ਼ਾਮਲ ਕੀਤਾ ਗਿਆ ਹੈ। -ਪੀਟੀਆਈ

ਧਨਖੜ ਬੇਤੁਕੇ ਬਿਆਨ ਦੇਣ ਤੋਂ ਗੁਰੇਜ਼ ਕਰਨ:ਮਮਤਾ

ਕੋਲਕਾਤਾ: ਪੱਛਮੀ ਬੰਗਾਲ ਦੇ ਰਾਜਪਾਲ ਜਗਦੀਪ ਧਨਖੜ ਵੱਲੋਂ ਅੱਠ ਜਣਿਆਂ ਦੀ ਮੌਤ ਦੇ ਮਾਮਲੇ ਨੂੰ ਦਿਲ ਦਹਿਲਾਉਣ ਵਾਲਾ ਆਖਣ ਅਤੇ ਸੂਬੇ ਵਿੱਚ ਹਿੰਸਾ ਤੇ ਬਦਅਮਨੀ ਦਾ ਮਾਹੌਲ ਹੋਣ ਸਬੰਧੀ ਦਿੱਤੇ ਬਿਆਨ ਦੇਣ ਦੇ ਕੁਝ ਘੰਟਿਆਂ ਮਗਰੋਂ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਉਨ੍ਹਾਂ ਨੂੰ ਬੇਨਤੀ ਕੀਤੀ ਕਿ ਉਹ ਆਧਾਰਹੀਣ ਬਿਆਨ ਦੇਣ ਤੋਂ ਗੁਰੇਜ਼ ਕਰਨ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀਆਂ ਟਿੱਪਣੀਆਂ ਅਫ਼ਸੋਸਜਨਕ ਹਨ ਤੇ ਉਨ੍ਹਾਂ ਜਿਹੇ ਉੱਚ ਸੰਵਿਧਾਨਕ ਅਹੁਦੇ 'ਤੇ ਬਿਰਾਜਮਾਨ ਵਿਅਕਤੀ ਨੂੰ ਸ਼ੋਭਾ ਨਹੀਂ ਦਿੰਦੀਆਂ। -ਪੀਟੀਆਈ



Most Read

2024-09-22 02:13:48