Breaking News >> News >> The Tribune


ਆਸ਼ੀਸ਼ ਮਿਸ਼ਰਾ ਦੀ ਜ਼ਮਾਨਤ ਰੱਦ ਕਰਨ ਬਾਰੇ ਯੂਪੀ ਸਰਕਾਰ ਤੋਂ ਜਵਾਬ ਤਲਬ


Link [2022-03-31 05:35:17]



ਨਵੀਂ ਦਿੱਲੀ, 30 ਮਾਰਚ

ਲਖੀਮਪੁਰ ਖੀਰੀ ਹਿੰਸਾ ਕੇਸ ਵਿਚ ਕੇਂਦਰੀ ਮੰਤਰੀ ਦੇ ਪੁੱਤਰ ਆਸ਼ੀਸ਼ ਮਿਸ਼ਰਾ ਦੀ ਜ਼ਮਾਨਤ ਰੱਦ ਕਰਨ ਬਾਰੇ ਸੁਪਰੀਮ ਕੋਰਟ ਨੇ ਯੂਪੀ ਸਰਕਾਰ ਤੋਂ 4 ਅਪਰੈਲ ਤੱਕ ਜਵਾਬ ਮੰਗਿਆ ਹੈ। ਜ਼ਿਕਰਯੋਗ ਹੈ ਕਿ ਕੇਸ ਦੀ ਜਾਂਚ ਕਰ ਰਹੀ 'ਸਿਟ' ਦੀ ਨਿਗਰਾਨੀ ਕਰ ਰਹੇ ਸੇਵਾਮੁਕਤ ਜੱਜ ਨੇ ਦੋ ਰਿਪੋਰਟਾਂ ਦਿੱਤੀਆਂ ਹਨ ਜਿਨ੍ਹਾਂ ਵਿਚ ਅਜੈ ਮਿਸ਼ਰਾ ਦੇ ਪੁੱਤਰ ਆਸ਼ੀਸ਼ ਦੀ ਜ਼ਮਾਨਤ ਰੱਦ ਕਰਨ ਦੀ ਸਿਫ਼ਾਰਸ਼ ਕੀਤੀ ਗਈ ਹੈ। ਚੀਫ਼ ਜਸਟਿਸ ਐਨ.ਵੀ. ਰਾਮੰਨਾ ਦੀ ਅਗਵਾਈ ਵਾਲੇ ਬੈਂਚ ਨੇ ਕਿਹਾ ਕਿ ਜਾਂਚ ਦੀ ਨਿਗਰਾਨੀ ਕਰ ਰਹੇ ਜੱਜ (ਸੇਵਾਮੁਕਤ) ਨੇ ਰਾਜ ਨੂੰ ਆਸ਼ੀਸ਼ ਦੀ ਜ਼ਮਾਨਤ ਰੱਦ ਕਰਨ ਬਾਰੇ ਲਿਖ ਦਿੱਤਾ ਹੈ। ਹਿੰਸਾ ਮਾਮਲੇ ਦੇ ਮੁੱਖ ਮੁਲਜ਼ਮ ਆਸ਼ੀਸ਼ ਮਿਸ਼ਰਾ ਨੂੰ ਅਲਾਹਾਬਾਦ ਹਾਈ ਕੋਰਟ ਨੇ ਇਸ ਕੇਸ ਵਿਚ ਜ਼ਮਾਨਤ ਦਿੱਤੀ ਸੀ। ਸੁਪਰੀਮ ਕੋਰਟ ਦੇ ਬੈਂਚ ਨੇ ਕਿਹਾ ਕਿ ਵਿਸ਼ੇਸ਼ ਜਾਂਚ ਟੀਮ (ਸਿਟ) ਦੀ ਨਿਗਰਾਨੀ ਕਰ ਰਹੇ ਜੱਜ ਨੇ ਦੋ ਪੱਤਰ ਯੂਪੀ ਦੇ ਵਧੀਕ ਮੁੱਖ ਸਕੱਤਰ (ਗ੍ਰਹਿ) ਨੂੰ ਭੇਜੇ ਹਨ। ਉਨ੍ਹਾਂ ਲਿਖਿਆ ਹੈ ਕਿ ਸੂਬਾ ਸਰਕਾਰ ਸੁਪਰੀਮ ਕੋਰਟ ਵਿਚ ਜ਼ਮਾਨਤ ਰੱਦ ਕਰਨ ਲਈ ਅਰਜ਼ੀ ਪਾਏ। ਯੂਪੀ ਸਰਕਾਰ ਵੱਲੋਂ ਪੇਸ਼ ਹੋਏ ਸੀਨੀਅਰ ਵਕੀਲ ਮਹੇਸ਼ ਜੇਠਮਲਾਨੀ ਨੇ ਸੁਪਰੀਮ ਕੋਰਟ ਨੂੰ ਦੱਸਿਆ ਕਿ ਵਧੀਕ ਸਕੱਤਰ ਮੁਤਾਬਕ ਉਨ੍ਹਾਂ ਨੂੰ ਪੱਤਰ ਨਹੀਂ ਮਿਲੇ। ਇਸ 'ਤੇ ਬੈਂਚ ਨੇ ਸੂਬੇ ਦੇ ਵਕੀਲ ਨੂੰ ਕਿਹਾ ਕਿ ਉਹ 'ਸਿਟ' ਵੱਲੋਂ ਦਿੱਤੀਆਂ ਰਿਪੋਰਟਾਂ ਪੜ੍ਹਨ ਤੇ ਚਾਰ ਅਪਰੈਲ ਤੱਕ ਜਵਾਬ ਦੇਣ। ਪਟੀਸ਼ਨਕਰਤਾਵਾਂ ਵੱਲੋਂ ਸੀਨੀਅਰ ਵਕੀਲ ਦੁਸ਼ਿਅੰਤ ਦਵੇ ਪੇਸ਼ ਹੋਏ। -ਪੀਟੀਆਈ



Most Read

2024-09-21 18:01:15