Breaking News >> News >> The Tribune


ਆਸ਼ੀਸ਼ ਮਿਸ਼ਰਾ ਦੀ ਜ਼ਮਾਨਤ ਖਿ਼ਲਾਫ਼ ਅਰਜ਼ੀ ’ਤੇ ਸੁਣਵਾਈ ਅੱਜ


Link [2022-04-04 09:13:19]



ਨਵੀਂ ਦਿੱਲੀ: ਲਖੀਮਪੁਰ ਖੀਰੀ ਕਾਂਡ 'ਚ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੈ ਮਿਸ਼ਰਾ ਦੇ ਪੁੱਤਰ ਆਸ਼ੀਸ਼ ਮਿਸ਼ਰਾ ਨੂੰ ਮਿਲੀ ਜ਼ਮਾਨਤ ਨੂੰ ਚੁਣੌਤੀ ਦੇਣ ਵਾਲੀ ਅਰਜ਼ੀ 'ਤੇ ਸੁਪਰੀਮ ਕੋਰਟ ਵੱਲੋਂ ਭਲਕੇ ਸੁਣਵਾਈ ਕੀਤੀ ਜਾਵੇਗੀ। ਚੀਫ਼ ਜਸਟਿਸ ਐੱਨ ਵੀ ਰਾਮੰਨਾ ਅਤੇ ਜਸਟਿਸ ਸੂਰਿਆ ਕਾਂਤ ਤੇ ਹਿਮਾ ਕੋਹਲੀ 'ਤੇ ਆਧਾਰਿਤ ਵਿਸ਼ੇਸ਼ ਬੈਂਚ ਨੇ 30 ਮਾਰਚ ਨੂੰ ਉੱਤਰ ਪ੍ਰਦੇਸ਼ ਸਰਕਾਰ ਨੂੰ ਆਸ਼ੀਸ਼ ਮਿਸ਼ਰਾ ਦੀ ਜ਼ਮਾਨਤ ਰੱਦ ਕਰਨ ਬਾਰੇ ਦਿੱਤੀਆਂ ਦੋ ਰਿਪੋਰਟਾਂ 'ਤੇ 4 ਅਪਰੈਲ ਨੂੰ ਜਵਾਬ ਦਾਖ਼ਲ ਕਰਨ ਲਈ ਕਿਹਾ ਹੈ। ਸੂਬਾ ਸਰਕਾਰ ਵੱਲੋਂ ਪੇਸ਼ ਹੋਏ ਸੀਨੀਅਰ ਵਕੀਲ ਮਹੇਸ਼ ਜੇਠਮਲਾਨੀ ਨੇ ਬੈਂਚ ਨੂੰ ਦੱਸਿਆ ਸੀ ਕਿ ਵਧੀਕ ਸਕੱਤਰ (ਗ੍ਰਹਿ) ਨੂੰ ਅਜਿਹੀਆਂ ਕੋਈ ਚਿੱਠੀਆਂ ਨਹੀਂ ਮਿਲੀਆਂ ਹਨ। ਬੈਂਚ ਨੇ ਜੇਠਮਲਾਨੀ ਨੂੰ ਕਿਹਾ ਸੀ ਕਿ ਉਹ ਸਿਟ ਦੀਆਂ ਰਿਪੋਰਟਾਂ ਨੂੰ ਦੇਖ ਕੇ 4 ਅਪਰੈਲ ਨੂੰ ਜਵਾਬ ਦਾਖ਼ਲ ਕਰਨ। ਇਸ ਤੋਂ ਪਹਿਲਾਂ ਸੂਬਾ ਸਰਕਾਰ ਨੇ ਕਿਹਾ ਸੀ ਕਿ ਆਸ਼ੀਸ਼ ਮਿਸ਼ਰਾ ਦੀ ਜ਼ਮਾਨਤ ਨੂੰ ਚੁਣੌਤੀ ਦੇਣ ਸਬੰਧੀ ਅਧਿਕਾਰੀਆਂ ਵੱਲੋਂ ਵਿਚਾਰਾਂ ਕੀਤੀਆਂ ਜਾ ਰਹੀਆਂ ਹਨ। ਸਿਖਰਲੀ ਅਦਾਲਤ ਨੇ ਪੰਜਾਬ ਹਰਿਆਣਾ ਹਾਈ ਕੋਰਟ ਦੇ ਸਾਬਕਾ ਜੱਜ ਜਸਟਿਸ ਰਾਕੇਸ਼ ਕੁਮਾਰ ਜੈਨ ਨੂੰ ਸਿਟ ਦੀ ਰੋਜ਼ਾਨਾ ਜਾਂਚ ਦੀ ਨਿਗਰਾਨੀ ਕਰਨ ਲਈ ਨਿਯੁਕਤ ਕੀਤਾ ਸੀ। ਜ਼ਿਕਰਯੋਗ ਹੈ ਕਿ ਪਿਛਲੇ ਸਾਲ 3 ਅਕਤੂਬਰ ਨੂੰ ਲਖੀਮਪੁਰ ਖੀਰੀ 'ਚ ਅੰਦੋਲਨ ਕਰ ਰਹੇ ਕਿਸਾਨਾਂ 'ਤੇ ਪਿੱਛਿਉਂ ਵਾਹਨ ਚੜ੍ਹਾ ਦਿੱਤਾ ਗਿਆ ਸੀ ਜਿਸ 'ਚ ਚਾਰ ਕਿਸਾਨਾਂ ਦੀ ਮੌਤ ਹੋ ਗਈ ਸੀ ਅਤੇ ਉਸ ਤੋਂ ਬਾਅਦ ਹੋਈ ਹਿੰਸਾ 'ਚ ਚਾਰ ਹੋਰ ਵਿਅਕਤੀ ਮਾਰੇ ਗਏ ਸਨ। -ਪੀਟੀਆਈ



Most Read

2024-09-21 12:49:43