ਪੱਤਰ ਪ੍ਰੇਰਕ
ਨਵੀਂ ਦਿੱਲੀ, 4 ਅਪਰੈਲ
ਸ਼੍ਰੋਮਣੀ ਅਕਾਲੀ ਦਲ ਦੀ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਅੱਜ ਮੰਗ ਕੀਤੀ ਕਿ ਸਜ਼ਾ ਪੂਰੀ ਕਰ ਚੁੱਕੇ ਹੋਣ ਦੇ ਬਾਵਜੂਦ ਦੇਸ਼ ਦੀਆਂ ਵੱਖ-ਵੱਖ ਜੇਲ੍ਹਾਂ ਵਿਚ ਬੰਦ ਸਿੱਖ ਕੈਦੀਆਂ ਨੂੰ ਤੁਰੰਤ ਰਿਹਾਅ ਕੀਤਾ ਜਾਵੇ। ਉਨ੍ਹਾਂ ਲੋਕ ਸਭਾ ਵਿੱਚ ਪ੍ਰਸ਼ਨ ਕਾਲ ਦੌਰਾਨ ਇਹ ਮਾਮਲਾ ਚੁੱਕਿਆ ਤੇ ਸਦਨ ਦੇ ਧਿਆਨ ਵਿਚ ਲਿਆਂਦਾ ਕਿ 1984 'ਚ ਸ੍ਰੀ ਹਰਿਮੰਦਰ ਸਾਹਿਬ 'ਤੇ ਹਮਲੇ ਤੋਂ ਬਾਅਦ ਕੁਝ ਸਿੱਖ ਭਾਵਨਾਵਾਂ ਵਿੱਚ ਵਹਿ ਗਏ ਸਨ। ਉਨ੍ਹਾਂ ਕਿਹਾ ਕਿ 25 ਸਾਲਾਂ ਤੋਂ ਜੇਲ੍ਹਾਂ 'ਚ ਬੰਦ ਸਿੱਖ ਕੈਦੀਆਂ ਨੂੰ ਰਿਹਾਅ ਕੀਤਾ ਜਾਣਾ ਚਾਹੀਦਾ ਹੈ।
ਉਨ੍ਹਾਂ ਕਿਹਾ ਕਿ 2019 ਵਿੱਚ ਐੱਨਡੀਏ ਸਰਕਾਰ ਨੇ ਗੁਰੂ ਨਾਨਕ ਦੇਵ ਦੇ ਪ੍ਰਕਾਸ਼ ਪੁਰਬ 'ਤੇ ਅੱਠ ਸਿੱਖ ਕੈਦੀਆਂ ਲਈ ਸਜ਼ਾ ਮੁਆਫ਼ੀ ਦਾ ਐਲਾਨ ਕੀਤਾ ਸੀ। ਉਨ੍ਹਾਂ ਕਿਹਾ ਕਿ ਪ੍ਰੋ. ਭੁੱਲਰ ਦੀ ਫਾਂਸੀ ਦੀ ਸਜ਼ਾ ਮਾਰਚ 2014 ਵਿਚ ਉਮਰ ਕੈਦ ਵਿੱਚ ਬਦਲ ਦਿੱਤੀ ਗਈ ਸੀ ਪਰ ਦਿੱਲੀ ਸਰਕਾਰ ਪ੍ਰੋ. ਭੁੱਲਰ ਨੂੰ ਰਿਹਾਅ ਨਹੀਂ ਕਰ ਰਹੀ। ਗੁਰਦੀਪ ਸਿੰਘ ਖਹਿਰਾ 25 ਸਾਲਾਂ ਤੋਂ ਵੱਧ ਸਮੇਂ ਤੋਂ ਬਿਨਾਂ ਪੈਰੋਲ ਦੇ ਕਰਨਾਟਕਾ ਦੀ ਜੇਲ੍ਹ ਵਿਚ ਬੰਦ ਹਨ। ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਮੁਆਫ਼ੀ ਦੀ ਪਟੀਸ਼ਨ 'ਤੇ ਹੋ ਰਹੀ ਦੇਰੀ ਦੀ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਹੁਣ ਤਾਂ ਸੁਪਰੀਮ ਕੋਰਟ ਨੇ ਵੀ ਕੇਂਦਰ ਸਰਕਾਰ ਨੂੰ ਹਦਾਇਤ ਕੀਤੀ ਹੈ ਕਿ ਉਹ 30 ਅਪਰੈਲ ਤੱਕ ਭਾਈ ਰਾਜੋਆਣਾ ਦੀ ਰਹਿਮ ਦੀ ਅਪੀਲ 'ਤੇ ਫ਼ੈਸਲਾ ਲਵੇ। ਰਾਜੋਆਣਾ 27 ਸਾਲਾਂ ਤੋਂ ਜੇਲ੍ਹ ਵਿਚ ਬੰਦ ਹਨ। ਉਨ੍ਹਾਂ ਕਿਹਾ ਕਿ ਇੰਦਰਾ ਗਾਂਧੀ ਤੇ ਰਾਜੀਵ ਗਾਂਧੀ ਦੇ ਕਾਤਲ ਰਿਹਾਅ ਕੀਤੇ ਜਾ ਸਕਦੇ ਹਨ ਤਾਂ ਫਿਰ ਸਿੱਖ ਕੈਦੀਆਂ ਨਾਲ ਵਿਤਕਰਾ ਨਹੀਂ ਹੋਣਾ ਚਾਹੀਦਾ।
2024-11-11 03:50:53