ਨਵੀਂ ਦਿੱਲੀ, 9 ਅਪਰੈਲ
ਸੰਯੁਕਤ ਕਿਸਾਨ ਮੋਰਚਾ ਨੇ ਅੱਜ ਕਿਹਾ ਕਿ ਪੈਟਰੋਲ, ਡੀਜ਼ਲ ਤੇ ਖਾਦਾਂ ਦੀਆਂ ਲਗਾਤਾਰ ਵੱਧ ਰਹੀਆਂ ਕੀਮਤਾਂ ਨੇ ਭਾਜਪਾ ਦੀ ਅਗਵਾਈ ਹੇਠਲੀ ਕੇਂਦਰ ਸਰਕਾਰ ਦਾ ਕਿਸਾਨ ਵਿਰੋਧੀ ਚਿਹਰਾ ਸਾਹਮਣੇ ਲਿਆ ਦਿੱਤਾ ਹੈ। ਦੇਸ਼ ਦੀਆਂ ਵੱਖ ਵੱਖ ਕਿਸਾਨ ਜਥੇਬੰਦੀਆਂ 'ਤੇ ਆਧਾਰਿਤ ਸੰਯੁਕਤ ਕਿਸਾਨ ਮੋਰਚਾ ਵੱਲੋਂ ਜਾਰੀ ਬਿਆਨ 'ਚ ਕਿਹਾ ਗਿਆ ਹੈ ਕਿ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ ਅਤੇ ਹੁਣ ਤੱਕ ਤੇਲ ਕੀਮਤਾਂ ਵਿੱਚ 10 ਰੁਪਏ ਪ੍ਰਤੀ ਲਿਟਰ ਤੱਕ ਦਾ ਵਾਧਾ ਹੋ ਚੁੱਕਾ ਹੈ ਤੇ ਇਹ ਚਿੰਤਾ ਦਾ ਵਿਸ਼ਾ ਹੈ। ਮੋਰਚੇ ਨੇ ਦਾਅਵਾ ਕੀਤਾ, 'ਸੰਸਦ ਦੀ ਸਥਾਈ ਕਮੇਟੀ ਨੇ ਕੇਂਦਰ ਸਰਕਾਰ ਦੇ ਉਨ੍ਹਾਂ ਦਾਅਵਿਆਂ ਦੀ ਹਵਾ ਕੱਢ ਦਿੱਤੀ ਹੈ ਜਿਨ੍ਹਾਂ 'ਚ ਸਾਲ 2022 ਤੱਕ ਕਿਸਾਨਾਂ ਦੀ ਆਮਦਨ ਦੁੱਗਣੀ ਕਰਨ ਦੀ ਗੱਲ ਕਹੀ ਗਈ ਸੀ।' ਉਨ੍ਹਾਂ ਕਿਹਾ ਕਿ ਦੇਸ਼ ਦੇ ਕਿਸਾਨਾਂ ਦੀ ਆਮਦਨ ਦੁੱਗਣੀ ਹੋਣ ਦੀ ਥਾਂ 30 ਫੀਸਦ ਤੱਕ ਘਟੀ ਹੈ। ਉਨ੍ਹਾਂ ਕਿਹਾ ਕਿ ਕਮੇਟੀ ਵੱਲੋਂ ਪੇਸ਼ ਕੀਤੀ ਗਈ ਰਿਪੋਰਟ ਅਨੁਸਾਰ ਕੇਂਦਰੀ ਖੇਤੀਬਾੜੀ ਮੰਤਰੀ ਪਿਛਲੇ ਤਿੰਨ ਸਾਲਾਂ ਦੌਰਾਨ ਮਨਜ਼ੂਰਸ਼ੁਦਾ ਬਜਟ ਖਰਚ ਕਰਨ 'ਚ ਨਾਕਾਮ ਰਿਹਾ ਹੈ ਤੇ ਮੰਤਰਾਲੇ ਨੇ ਕੇਂਦਰ ਨੂੰ 67,929 ਕਰੋੜ ਰੁਪਏ ਵਾਪਸ ਕੀਤੇ ਹਨ। ਉਨ੍ਹਾਂ ਕਿਹਾ ਕਿ ਰਿਪੋਰਟ 'ਚ ਇਹ ਵੀ ਮੰਨਿਆ ਗਿਆ ਹੈ ਕਿ ਕਿਸਾਨਾਂ ਨੂੰ ਪੈਨਸ਼ਨ ਦੇਣ ਲਈ ਸ਼ੁਰੂ ਕੀਤੀ ਗਈ 'ਕਿਸਾਨ ਮਾਨਧਨ ਯੋਜਨਾ' ਪੂਰੀ ਤਰ੍ਹਾਂ ਫੇਲ੍ਹ ਹੋ ਚੁੱਕੀ ਹੈ। ਇਨ੍ਹਾਂ ਤੋਂ ਮੋਦੀ ਸਰਕਾਰ ਦਾ ਕਿਸਾਨ ਵਿਰੋਧੀ ਰਵੱਈਆ ਸਪੱਸ਼ਟ ਹੁੰਦਾ ਹੈ।
ਕਿਸਾਨ ਮੋਰਚੇ ਨੇ ਚਿਤਾਵਨੀ ਦਿੱਤੀ ਕਿ ਦੇਸ਼ ਦੇ ਕਿਸਾਨ ਕਿਸੇ ਵੀ ਤਰ੍ਹਾਂ ਦੀ ਸਾਜ਼ਿਸ਼ ਬਰਦਾਸ਼ਤ ਨਹੀਂ ਕਰਨਗੇ। ਕਿਸਾਨ ਮੋਰਚੇ ਨੇ ਡੀਏਪੀ ਤੇ ਐੱਨਪੀਕੇਐੱਸ ਖਾਦਾਂ ਦੀਆਂ ਵੱਧ ਰਹੀਆਂ ਕੀਮਤਾਂ 'ਤੇ ਚਿੰਤਾ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਕਿਹਾ ਕਿ ਪਿਛਲੇ ਸਾਲ 18 ਮਈ ਨੂੰ ਇਫਕੋ ਨੇ ਡੀਏਪੀ ਦੇ 50 ਕਿਲੋ ਵਾਲੇ ਥੈਲੇ ਦੀ ਕੀਮਤ 55.3 ਫੀਸਦ ਤੱਕ ਵਧਾ ਦਿੱਤੀ ਸੀ। ਉਨ੍ਹਾਂ ਕਿਹਾ, 'ਪਿੱਛੇ ਜਿਹੇ ਕੇਂਦਰ ਸਰਕਾਰ ਨੇ ਖਾਦਾਂ ਦੀ ਕੀਮਤਾਂ ਮੁੜ ਵਧਾ ਕੇ ਕਿਸਾਨਾਂ ਨੂੰ ਧੋਖਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਡੀਏਪੀ ਦਾ ਥੈਲਾ 1350 ਰੁਪਏ ਵਿੱਚ ਖਰੀਦਣਾ ਪੈ ਰਿਹਾ ਹੈ।' -ਪੀਟੀਆਈ
2024-11-10 23:44:16