Breaking News >> News >> The Tribune


ਪ੍ਰਸ਼ਾਂਤ ਕਿਸ਼ੋਰ ਕਾਂਗਰਸ ’ਚ ਸ਼ਾਮਲ ਹੋਣ ਲਈ ਤਿਆਰ


Link [2022-04-17 07:34:04]



ਨਵੀਂ ਦਿੱਲੀ, 16 ਅਪਰੈਲ

ਚੋਣ ਰਣਨੀਤੀਘਾੜੇ ਪ੍ਰਸ਼ਾਂਤ ਕਿਸ਼ੋਰ ਨੇ ਅੱਜ ਕਾਂਗਰਸ 'ਚ ਸ਼ਾਮਲ ਹੋਣ ਲਈ ਹਾਮੀ ਭਰਦਿਆਂ ਪ੍ਰਧਾਨ ਸੋਨੀਆ ਗਾਂਧੀ ਦੀ ਰਿਹਾਇਸ਼ 'ਤੇ ਪਾਰਟੀ ਦੇ ਸੀਨੀਅਰ ਆਗੂਆਂ ਨਾਲ ਮੀਟਿੰਗ ਦੌਰਾਨ 2024 ਦੀਆਂ ਆਮ ਚੋਣਾਂ ਲਈ ਵਿਸਥਾਰਤ ਖਾਕਾ ਪੇਸ਼ ਕੀਤਾ।

ਆਲ ਇੰਡੀਆ ਕਾਂਗਰਸ ਕਮੇਟੀ ਦੇ ਜਨਰਲ ਸਕੱਤਰ ਕੇਸੀ ਵੇਣੂਗੋਪਾਲ ਨੇ ਕਿਹਾ ਕਿ ਪ੍ਰਸ਼ਾਂਤ ਕਿਸ਼ੋਰ ਦੇ ਸੁਝਾਵਾਂ ਤੇ ਉਨ੍ਹਾਂ ਦੇ ਪਾਰਟੀ 'ਚ ਸ਼ਾਮਲ ਹੋਣ ਸਬੰਧੀ ਫ਼ੈਸਲਾ ਇੱਕ ਹਫ਼ਤੇ ਅੰਦਰ ਲਿਆ ਜਾਵੇਗਾ। ਮੀਟਿੰਗ 'ਚ ਸੋਨੀਆ ਗਾਂਧੀ, ਰਾਹੁਲ ਗਾਂਧੀ, ਪ੍ਰਿਯੰਕਾ ਗਾਂਧੀ ਅਤੇ ਪਾਰਟੀ ਦੇ ਹੋਰ ਸੀਨੀਅਰ ਆਗੂ ਹਾਜ਼ਰ ਸਨ। ਕਾਂਗਰਸ ਪ੍ਰਧਾਨ ਦੀ 10, ਜਨਪਥ ਸਥਿਤ ਰਿਹਾਇਸ਼ 'ਤੇ ਤਕਰੀਬਨ ਚਾਰ ਘੰਟੇ ਚੱਲੀ ਇਸ ਮੀਟਿੰਗ ਦੌਰਾਨ ਆਗਾਮੀ ਵਿਧਾਨ ਸਭਾ ਤੇ ਲੋਕ ਸਭਾ ਚੋਣਾਂ ਲਈ ਪਾਰਟੀ ਦੀ ਰਣਨੀਤੀ ਬਾਰੇ ਚਰਚਾ ਕੀਤੀ ਗਈ। ਜ਼ਿਕਰਯੋਗ ਹੈ ਕਿ ਪਹਿਲਾਂ ਵੀ ਪ੍ਰਸ਼ਾਂਤ ਕਿਸ਼ੋਰ ਦੇ ਕਾਂਗਰਸ 'ਚ ਸ਼ਾਮਲ ਹੋਣ ਦੀਆਂ ਸੰਭਾਵਨਾਵਾਂ ਪ੍ਰਗਟਾਈ ਜਾਂਦੀਆਂ ਰਹੀਆਂ ਹਨ।

ਸੂਤਰਾਂ ਅਨੁਸਾਰ ਪ੍ਰਸ਼ਾਂਤ ਕਿਸ਼ੋਰ ਨੇ ਕਿਹਾ ਕਿ ਉਹ ਬਿਨਾਂ ਕਿਸੇ ਲਾਲਚ ਦੇ ਕਾਂਗਰਸ 'ਚ ਸ਼ਾਮਲ ਹੋਣ ਲਈ ਤਿਆਰ ਹਨ ਅਤੇ ਉਹ ਪਾਰਟੀ ਤੋਂ ਕੁਝ ਵੀ ਨਹੀਂ ਚਾਹੁੰਦੇ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਯੋਜਨਾ ਪਾਰਟੀ ਨੂੰ ਜ਼ਮੀਨੀ ਪੱਧਰ 'ਤੇ ਮਜ਼ਬੂਤ ਕਰਨ ਲਈ ਆਪਣੀ ਯੋਜਨਾ ਲਾਗੂ ਕਰਨ ਦੀ ਹੈ। ਮੀਟਿੰਗ ਤੋਂ ਬਾਅਦ ਵੇਣੂਗੋਪਾਲ ਨੇ ਪੱਤਰਕਾਰਾਂ ਨੂੰ ਕਿਹਾ ਕਿ ਪ੍ਰਸ਼ਾਂਤ ਦੇ ਸੁਝਾਵਾਂ ਨੂੰ ਵਿਚਾਰਨ ਲਈ ਇੱਕ ਗਰੁੱਪ ਕਾਇਮ ਕੀਤਾ ਜਾਵੇਗਾ। ਉਨ੍ਹਾਂ ਕਿਹਾ, 'ਪ੍ਰਸ਼ਾਂਤ ਕਿਸ਼ੋਰ ਨੇ 2024 ਦੀਆਂ ਆਮ ਚੋਣਾਂ ਲਈ ਰਣਨੀਤੀ ਬਾਰੇ ਲੰਮਾ-ਚੌੜਾ ਖਾਕਾ ਪੇਸ਼ ਕੀਤਾ ਹੈ। ਇਸ 'ਤੇ ਥੋੜੀ ਵਿਚਾਰ-ਚਰਚਾ ਦੀ ਜ਼ਰੂਰਤ ਹੈ ਅਤੇ ਕਾਂਗਰਸ ਪ੍ਰਧਾਨ ਸਾਰੇ ਖਾਕੇ 'ਤੇ ਚਰਚਾ ਲਈ ਇੱਕ ਛੋਟਾ ਗਰੁੱਪ ਕਾਇਮ ਕਰਨਗੇ। ਇਹ ਗਰੁੱਪ ਇੱਕ ਹਫ਼ਤੇ ਅੰਦਰ ਆਪਣੀ ਰਿਪੋਰਟ ਪੇਸ਼ ਕਰੇਗਾ ਜਿਸ ਮਗਰੋਂ ਆਖਰੀ ਫ਼ੈਸਲਾ ਲਿਆ ਜਾਵੇਗਾ।' ਪ੍ਰਸ਼ਾਂਤ ਕਿਸ਼ੋਰ ਦੇ ਪਾਰਟੀ 'ਚ ਸ਼ਾਮਲ ਹੋਣ ਸਬੰਧੀ ਉਨ੍ਹਾਂ ਕਿਹਾ ਕਿ ਇਕ ਹਫ਼ਤੇ ਅੰਦਰ ਇਸ ਸਬੰਧੀ ਵੇਰਵੇ ਸਾਹਮਣੇ ਆ ਜਾਣਗੇ।

ਸੂਤਰਾਂ ਨੇ ਦੱਸਿਆ ਕਿ ਮੀਟਿੰਗ ਦੌਰਾਨ ਪ੍ਰਸ਼ਾਂਤ ਕਿਸ਼ੋਰ ਨੇ ਕਾਂਗਰਸ 2024 ਦੀਆਂ ਲੋਕ ਸਭਾ ਚੋਣਾਂ ਲਈ 365-370 ਸੀਟਾਂ 'ਤੇ ਇਕੱਲਿਆਂ ਚੋਣ ਲੜਨ ਵੱਲ ਤੇ ਇਨ੍ਹਾਂ ਹਲਕਿਆਂ 'ਚ ਆਪਣਾ ਆਧਾਰ ਮਜ਼ਬੂਤ ਕਰਨ ਲਈ ਕਿਹਾ ਹੈ।

ਪ੍ਰਸ਼ਾਂਤ ਨੇ ਕਿਹਾ ਕਿ ਪਾਰਟੀ ਨੇ ਕੁਝ ਸੂਬਿਆਂ ਦੀਆਂ ਵਿਧਾਨ ਸਭਾ ਚੋਣਾਂ ਇਕੱਲਿਆਂ ਲੜੀਆਂ ਹਨ ਤੇ ਉੱਥੇ ਪਾਰਟੀ ਜਾਂ ਤਾਂ ਸਭ ਤੋਂ ਉੱਪਰ ਰਹੀ ਹੈ ਜਾਂ ਦੂਜੇ ਸਥਾਨ 'ਤੇ ਰਹੀ ਹੈ। ਉਨ੍ਹਾਂ ਪਾਰਟੀ ਨੂੰ ਉੱਤਰ ਪ੍ਰਦੇਸ਼, ਬਿਹਾਰ ਤੇ ਉੜੀਸਾ ਵਰਗੇ ਸੂਬਿਆਂ 'ਚ ਆਪਣੀ ਮੁਹਿੰਮ ਸ਼ੁਰੂ ਕਰਨ ਲਈ ਵੀ ਕਿਹਾ ਹੈ। ਉਨ੍ਹਾਂ ਗੁਜਰਾਤ ਦੇ ਪਾਟੀਦਾਰ ਆਗੂ ਨਰੇਸ਼ ਪਟੇਲ ਨੂੰ ਪਾਰਟੀ 'ਚ ਸ਼ਾਮਲ ਕਰਨ ਬਾਰੇ ਵੀ ਚਰਚਾ ਕੀਤੀ।

ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਪ੍ਰਸ਼ਾਂਤ ਕਿਸ਼ੋਰ ਜਨਤਾ ਦਲ (ਯੂ) 'ਚ ਸ਼ਾਮਲ ਹੋਏ ਸਨ ਪਰ ਜਨਵਰੀ 2020 'ਚ ਸੀਏਏ ਨੂੰ ਲੈ ਕੇ ਅਪਣਾਏ ਗਏ ਰੁਖ਼ ਕਾਰਨ ਉਨ੍ਹਾਂ ਨੂੰ ਪਾਰਟੀ 'ਚੋਂ ਕੱਢ ਦਿੱਤਾ ਗਿਆ। ਉਹ ਵੱਖ ਵੱਖ ਵਿਧਾਨ ਸਭਾ ਚੋਣਾਂ ਦੌਰਾਨ ਟੀਐੱਮਸੀ, ਡੀਐੱਮਕੇ ਤੇ ਆਮ ਆਦਮੀ ਪਾਰਟੀ ਲਈ ਰਣਨੀਤੀ ਘੜਦੇ ਰਹੇ ਹਨ। ਮੀਟਿੰਗ 'ਚ ਮੱਲਿਕਾਰਜੁਨ ਖੜਗੇ, ਕੇਸੀ ਵੇਣੂਗੋਪਾਲ, ਅੰਬਿਕਾ ਸੋਨੀ, ਦਿਗਵਿਜੈ ਸਿੰਘ, ਅਜੈ ਮਾਕਨ ਤੇ ਹੋਰ ਆਗੂ ਹਾਜ਼ਰ ਸਨ। -ਪੀਟੀਆਈ



Most Read

2024-09-21 00:47:11