Breaking News >> News >> The Tribune


ਦਿੱਲੀ ਦੇ ਸਿਹਤ ਮੰਤਰੀ ਸਤੇਂਦਰ ਜੈਨ ਗ੍ਰਿਫ਼ਤਾਰ


Link [2022-05-31 08:44:30]



ਨਵੀਂ ਦਿੱਲੀ, 30 ਮਈ

ਮੁੱਖ ਅੰਸ਼

ਭਾਜਪਾ ਨੂੰ ਹਿਮਾਚਲ ਵਿੱਚ ਚੋਣਾਂ ਹਾਰਨ ਦਾ ਡਰ: ਸਿਸੋਦੀਆ

ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਮਨੀ ਲਾਂਡਰਿੰਗ ਨਾਲ ਸਬੰਧਤ ਇੱਕ ਕੇਸ ਵਿੱਚ ਅੱਜ ਦਿੱਲੀ ਦੇ ਸਿਹਤ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਆਗੂ ਸਤੇਂਦਰ ਜੈਨ ਨੂੰ ਗ੍ਰਿਫ਼ਤਾਰ ਕੀਤਾ ਹੈ। ਈਡੀ ਅਧਿਕਾਰੀਆਂ ਨੇ ਅੱਜ ਇਹ ਜਾਣਕਾਰੀ ਦਿੱਤੀ। ਜੈਨ ਨੂੰ ਭਲਕੇ ਮੰਗਲਵਾਰ ਨੂੰ ਅਦਾਲਤ ਵਿੱਚ ਪੇਸ਼ ਕੀਤਾ ਜਾ ਸਕਦਾ ਹੈ। ਉਧਰ, ਇਸ ਗ੍ਰਿਫ਼ਤਾਰੀ 'ਤੇ ਤਿੱਖੀ ਪ੍ਰਤੀਕਿਰਿਆ ਦਿੰਦਿਆਂ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਕਿਹਾ ਕਿ ਜੈਨ ਨੂੰ ਅੱਠ ਸਾਲ ਪੁਰਾਣੇ 'ਫਰਜ਼ੀ' ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਹੈ ਕਿਉਂਕਿ ਉਹ ਹਿਮਾਚਲ ਪ੍ਰਦੇਸ਼ ਵਿੱਚ ਵਿਧਾਨ ਸਭਾ ਚੋਣਾਂ ਲਈ 'ਆਪ' ਦੇ ਇੰਚਾਰਜ ਹਨ ਅਤੇ ਭਾਜਪਾ ਨੂੰ ਇਨ੍ਹਾਂ ਚੋਣਾਂ ਵਿੱਚ ਹਾਰ ਜਾਣ ਦਾ ਡਰ ਸਤਾ ਰਿਹਾ ਹੈ।

ਸਿਸੋਦੀਆ ਨੇ ਇੱਕ ਟਵੀਟ ਵਿੱਚ ਕਿਹਾ, ''ਸਤੇਂਦਰ ਜੈਨ ਖ਼ਿਲਾਫ਼ ਅੱਠ ਸਾਲ ਤੋਂ ਫਰਜ਼ੀ ਕੇਸ ਚੱਲ ਰਿਹਾ ਹੈ। ਈਡੀ ਉਸ ਨੂੰ ਹੁਣ ਤੱਕ ਕਈ ਵਾਰ ਬੁਲਾ ਚੁੱਕੀ ਹੈ। ਉਨ੍ਹਾਂ ਨੂੰ ਕੁੱਝ ਸਮੇਂ ਤੋਂ ਨਹੀਂ ਬੁਲਾਇਆ ਕਿਉਂਕਿ ਈਡੀ ਨੂੰ ਉਨ੍ਹਾਂ ਖ਼ਿਲਾਫ਼ ਕੁੱਝ ਵੀ ਨਹੀਂ ਮਿਲਿਆ। ਹੁਣ ਇਹ ਫਿਰ ਸ਼ੁਰੂ ਹੋ ਗਿਆ ਹੈ ਕਿਉਂਕਿ ਉਹ ਹਿਮਾਚਲ ਪ੍ਰਦੇਸ਼ ਵਿਧਾਨ ਸਭਾ ਚੋਣਾਂ ਦੇ ਇੰਚਾਰਜ ਹਨ। ਭਾਜਪਾ ਨੂੰ ਚੋਣਾਂ ਹਾਰਨ ਦਾ ਡਰ ਸਤਾ ਰਿਹਾ ਹੈ। ਇਸ ਲਈ ਹਿਮਾਚਲ ਜਾਣ ਤੋਂ ਰੋਕਣ ਲਈ ਉਨ੍ਹਾਂ ਦੀ ਗ੍ਰਿਫ਼ਤਾਰੀ ਕੀਤੀ ਗਈ ਹੈ।'' ਸਿਸੋਦੀਆ ਨੇ ਕਿਹਾ, ''ਉਹ ਜਲਦੀ ਹੀ ਰਿਹਾਅ ਹੋ ਜਾਣਗੇ ਕਿਉਂਕਿ ਉਨ੍ਹਾਂ ਦੀ ਫਰਜ਼ੀ ਕੇਸ ਵਿੱਚ ਗ੍ਰਿਫ਼ਤਾਰੀ ਹੋਈ ਹੈ। ਈਡੀ ਨੇ ਪਿਛਲੇ ਮਹੀਨੇ ਕਿਹਾ ਸੀ ਕਿ ਜੈਨ ਦੇ ਪਰਿਵਾਰ ਅਤੇ ਜੈਨ ਨਾਲ ਸਬੰਧਿਤ ਕੰਪਨੀਆਂ ਦੀ 4.81 ਕਰੋੜ ਰੁਪੲੇ ਦੀ ਜਾਇਦਾਦ ਨੂੰ ਉਨ੍ਹਾਂ ਖ਼ਿਲਾਫ਼ ਮਨੀ ਲਾਂਡਰਿੰਗ ਕੇਸ ਦੀ ਜਾਂਚ ਤਹਿਤ ਅਸਥਾਈ ਤੌਰ 'ਤੇ ਕੁਰਕ ਕਰ ਲਿਆ ਗਿਆ ਹੈ। ਅਧਿਕਾਰੀਆਂ ਨੇ ਕਿਹਾ ਕਿ ਕੈਬਨਿਟ ਮੰਤਰੀ ਜੈਨ ਨੂੰ ਮਨੀ ਲਾਂਡਰਿੰਗ ਰੋਕਥਾਮ ਕਾਨੂੰਨ (ਪੀਐੱਮਐੱਲਏ) ਦੀਆਂ ਅਪਰਾਧਕ ਧਾਰਾਵਾਂ ਤਹਿਤ ਹਿਰਾਸਤ ਵਿੱਚ ਲਿਆ ਗਿਆ ਹੈ। ਅਰਵਿੰਦ ਕੇਜਰੀਵਾਲ ਦੀ ਅਗਵਾਈ ਵਾਲੀ ਦਿੱਲੀ ਸਰਕਾਰ ਵਿੱਚ 57 ਸਾਲਾ ਮੰਤਰੀ ਜੈਨ ਕੋਲ ਸਿਹਤ, ਉਦਯੋਗਿਕ, ਬਿਜਲੀ, ਗ੍ਰਹਿ, ਸ਼ਹਿਰੀ ਵਿਕਾਸ ਤੇ ਜਲ ਵਿਭਾਗ ਹਨ। ਹਿਮਾਚਲ ਪ੍ਰਦੇਸ਼ ਵਿੱਚ ਵਿਧਾਨ ਸਭਾ ਚੋਣਾਂ ਇਸ ਸਾਲ ਦੇ ਅਖ਼ੀਰ ਤੱਕ ਹੋਣੀਆਂ ਹਨ ਅਤੇ ਆਮ ਆਦਮੀ ਪਾਰਟੀ ਪੰਜਾਬ ਵਿੱਚ ਸ਼ਾਨਦਾਰ ਜਿੱਤ ਪ੍ਰਾਪਤ ਕਰਨ ਮਗਰੋਂ ਇਸ ਪਹਾੜੀ ਸੂਬੇ ਵਿੱਚ ਪੈੈਰ ਜਮਾਉਣ ਦੀਆਂ ਕੋਸ਼ਿਸ਼ਾਂ ਕਰ ਰਹੀ ਹੈ। -ਪੀਟੀਆਈ



Most Read

2024-09-20 04:16:09