Breaking News >> News >> The Tribune


ਕੇਂਦਰ ਸਰਕਾਰ ਵੱਲੋਂ ਅਕਾਲ ਤਖ਼ਤ ਦੇ ਜਥੇਦਾਰ ਨੂੰ ‘ਜ਼ੈੱਡ’ ਸ਼੍ਰੇਣੀ ਦੀ ਸੁਰੱਖਿਆ


Link [2022-06-04 16:16:17]



ਨਵੀਂ ਦਿੱਲੀ, 3 ਜੂਨ

ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਕੇਂਦਰ ਸਰਕਾਰ ਨੇ 'ਜ਼ੈੱਡ' ਸ਼੍ਰੇਣੀ ਦੀ ਸੁਰੱਖਿਆ ਦੇਣ ਦਾ ਫ਼ੈਸਲਾ ਕੀਤਾ ਹੈ। ਕੇਂਦਰੀ ਗ੍ਰਹਿ ਮੰਤਰਾਲੇ ਨੇ ਸਿੱਖ ਆਗੂ ਲਈ ਸੰਭਾਵੀ ਖ਼ਤਰਾ ਵਧਣ ਦੇ ਮੱਦੇਨਜ਼ਰ ਇਹ ਕਦਮ ਚੁੱਕਿਆ ਹੈ ਤੇ ਉਨ੍ਹਾਂ ਨੂੰ ਮੁਲਕ ਦੀ ਦੂਜੀ ਸਭ ਤੋਂ ਅਹਿਮ ਸ਼੍ਰੇਣੀ ਦੀ ਸੁਰੱਖਿਆ ਦੇਣ ਦਾ ਫ਼ੈਸਲਾ ਕੀਤਾ ਹੈ। ਇਕ ਅਧਿਕਾਰੀ ਨੇ ਕਿਹਾ ਕਿ ਜਥੇਦਾਰ ਨੂੰ ਮਿਲਣ ਵਾਲੀ ਜ਼ੈੱਡ ਵਰਗ ਦੀ ਸੁਰੱਖਿਆ ਦੀ ਕਮਾਨ ਸੀਆਰਪੀਐਫ ਕਮਾਂਡੋਜ਼ ਕੋਲ ਹੋਵੇਗੀ। ਜ਼ਿਕਰਯੋਗ ਹੈ ਕਿ ਅਕਾਲ ਤਖ਼ਤ ਦੇ ਜਥੇਦਾਰ ਉਨ੍ਹਾਂ 400 ਤੋਂ ਵੱਧ ਹਸਤੀਆਂ ਵਿਚੋਂ ਇਕ ਸਨ ਜਿਨ੍ਹਾਂ ਦੀ ਸੁਰੱਖਿਆ ਹਾਲ ਹੀ ਵਿਚ ਪੰਜਾਬ ਦੀ ਨਵੀਂ ਬਣੀ 'ਆਪ' ਸਰਕਾਰ ਨੇ ਵਾਪਸ ਲੈ ਲਈ ਸੀ। ਹਾਲਾਂਕਿ ਜਥੇਦਾਰ ਦੀ ਸੁਰੱਖਿਆ ਮਗਰੋਂ ਬਹਾਲ ਕਰ ਦਿੱਤੀ ਗਈ ਸੀ ਪਰ ਉਨ੍ਹਾਂ ਸੁਰੱਖਿਆ ਲੈਣ ਤੋਂ ਇਨਕਾਰ ਕਰ ਦਿੱਤਾ ਸੀ। ਹੁਣ ਉਨ੍ਹਾਂ ਨੂੰ ਕੇਂਦਰ ਵੱਲੋਂ ਸੀਆਰਪੀਐਫ ਕਮਾਂਡੋਜ਼ ਦੀ ਸੁਰੱਖਿਆ ਦਿੱਤੀ ਜਾ ਰਹੀ ਹੈ। 'ਜ਼ੈੱਡ' ਵਰਗ ਦੀ ਸੁਰੱਖਿਆ ਤਹਿਤ ਉਨ੍ਹਾਂ ਨਾਲ 16-20 ਹਥਿਆਰਬੰਦ ਕਮਾਂਡੋ ਰਹਿਣਗੇ ਜੋ 24 ਘੰਟੇ ਸ਼ਿਫਟਾਂ ਵਿਚ ਕੰਮ ਕਰਨਗੇ। ਇਸ ਤੋਂ ਇਲਾਵਾ ਗਿਆਨੀ ਹਰਪ੍ਰੀਤ ਸਿੰਘ ਨੂੰ ਐਸਕਾਰਟ ਤੇ ਪਾਇਲਟ ਵਾਹਨ ਵੀ ਦਿੱਤੇ ਜਾਣਗੇ। -ਪੀਟੀਆਈ

ਜਥੇਦਾਰ ਵੱਲੋਂ ਸੁਰੱਖਿਆ ਲੈਣ ਤੋਂ ਇਨਕਾਰ, ਕੇਂਦਰ ਦਾ ਧੰਨਵਾਦ ਕੀਤਾ

ਅੰਮ੍ਰਿਤਸਰ: ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕੇਂਦਰ ਸਰਕਾਰ ਵੱਲੋਂ ਮੁਹੱਈਆ ਕਰਵਾਈ ਜਾ ਰਹੀ 'ਜ਼ੈੱਡ' ਸ਼੍ਰੇਣੀ ਦੀ ਸੁਰੱਖਿਆ ਲੈਣ ਤੋਂ ਇਨਕਾਰ ਕਰਦਿਆਂ ਕੇਂਦਰ ਸਰਕਾਰ ਨੂੰ ਆਖਿਆ ਹੈ ਕਿ ਉਹ ਆਪਣਾ ਇਹ ਫ਼ੈਸਲਾ ਵਾਪਸ ਲੈ ਲਵੇ। ਉਨ੍ਹਾਂ ਕਿਹਾ ਕਿ ਸੁਰੱਖਿਆ ਬਾਰੇ ਜਾਣਕਾਰੀ ਮੀਡੀਆ ਰਾਹੀਂ ਹੀ ਮਿਲੀ ਹੈ। ਉਨ੍ਹਾਂ ਬਤੌਰ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਵਜੋਂ ਕੇਂਦਰ ਸਰਕਾਰ ਵੱਲੋਂ ਇਹ ਸੁਰੱਖਿਆ ਛੱਤਰੀ ਮੁਹੱਈਆ ਕਰਨ 'ਤੇ ਸਰਕਾਰ ਦਾ ਧੰਨਵਾਦ ਕੀਤਾ ਹੈ ਤੇ ਨਾਲ ਹੀ 'ਜ਼ੈੱਡ' ਸੁਰੱਖਿਆ ਲੈਣ ਮਗਰੋਂ ਪੇਸ਼ ਆਉਣ ਵਾਲੀਆਂ ਮੁਸ਼ਕਲਾਂ ਬਾਰੇ ਖੁਲਾਸਾ ਕੀਤਾ ਹੈ। ਜਥੇਦਾਰ ਨੇ ਕਿਹਾ ਕਿ ਉਨ੍ਹਾਂ ਦਾ ਕਾਰਜ ਖੇਤਰ ਧਰਮ ਪ੍ਰਚਾਰ ਨਾਲ ਜੁੜਿਆ ਹੋਇਆ ਹੈ, ਜਿਸ ਲਈ ਉਨ੍ਹਾਂ ਨੂੰ ਦੇਸ਼ ਅਤੇ ਵਿਦੇਸ਼ ਵੱਖ-ਵੱਖ ਥਾਵਾਂ 'ਤੇ ਜਾਣਾ ਪੈਂਦਾ ਹੈ। ਇਸ ਦੌਰਾਨ ਸੰਗਤ ਨੂੰ ਵੀ ਮਿਲਣਾ ਹੁੰਦਾ ਹੈ ਅਤੇ ਕਈ ਵਾਰ ਗੁਰਸਿੱਖਾਂ ਦੇ ਘਰਾਂ ਵਿਚ ਰਹਿਣ ਦਾ ਵੀ ਪ੍ਰਬੰਧ ਕੀਤਾ ਜਾਂਦਾ ਹੈ। ਅਜਿਹੇ ਵਿਚ ਜ਼ੈੱਡ ਸੁਰੱਖਿਆ ਕਾਰਨ ਉਨ੍ਹਾਂ ਨੂੰ ਕਈ ਔਕੜਾਂ ਪੇਸ਼ ਆਉਣਗੀਆਂ। ਉਨ੍ਹਾਂ ਕੇਂਦਰ ਸਰਕਾਰ ਨੂੰ ਫੈਸਲਾ ਵਾਪਸ ਲੈਣ ਲਈ ਕਿਹਾ। -ਟਨਸ



Most Read

2024-09-19 19:33:34