Breaking News >> News >> The Tribune


ਸਤੇਂਦਰ ਜੈਨ 9 ਜੂਨ ਤੱਕ ਈਡੀ ਦੀ ਹਿਰਾਸਤ ’ਚ


Link [2022-06-01 05:57:48]



ਨਵੀਂ ਦਿੱਲੀ (ਮਨਧੀਰ ਸਿੰਘ ਦਿਓਲ/ਪੀਟੀਆਈ): ਦਿੱਲੀ ਦੀ ਇੱਕ ਅਦਾਲਤ ਨੇ ਅੱਜ ਇੱਥੇ ਮਨੀ ਲਾਂਡਰਿੰਗ ਨਾਲ ਸਬੰਧਤ ਕੇਸ ਵਿੱਚ ਪੁੱਛ ਪੜਤਾਲ ਲਈ ਦਿੱਲੀ ਸਰਕਾਰ ਦੇ ਮੰਤਰੀ ਸਤੇਂਦਰ ਜੈਨ ਨੂੰ ਅੱਜ 9 ਜੂਨ ਤੱਕ ਐਨਫੋਰਸਮੈਂਟ ਡਾਇਰੈਕਟੋਰੇਟ ਦੀ ਹਿਰਾਸਤ 'ਚ ਭੇਜ ਦਿੱਤਾ ਹੈ। ਦੂਜੇ ਪਾਸੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸਤੇਂਦਰ ਜੈਨ ਦਾ ਬਚਾਅ ਕਰਦਿਆਂ ਦਾਅਵਾ ਕੀਤਾ ਕਿ ਇਹ ਗ੍ਰਿਫ਼ਤਾਰੀ ਸਿਆਸੀ ਕਾਰਨਾਂ ਕਰਕੇ ਕੀਤੀ ਗਈ ਹੈ। ਵਿਸ਼ੇਸ਼ ਜੱਜ ਗੀਤਾਂਜਲੀ ਗੋਇਲ ਨੇ ਵੱਡੀ ਸਾਜ਼ਿਸ਼ ਦਾ ਖੁਲਾਸਾ ਕਰਨ ਲਈ ਜੈਨ ਤੋਂ ਪੁੱਛ-ਪੜਤਾਲ ਦੀ ਲੋੜ ਨੂੰ ਦੇਖਦਿਆਂ ਉਨ੍ਹਾਂ ਨੂੰ ਈਡੀ ਦੀ ਹਿਰਾਸਤ ਵਿੱਚ ਭੇਜ ਦਿੱਤਾ। ਈਡੀ ਨੇ ਬੀਤੇ ਦਿਨ ਪੀਐੱਮਐੱਲਏ ਦੀਆਂ ਧਾਰਾਵਾਂ ਤਹਿਤ ਦਿੱਲੀ ਦੇ ਸਿਹਤ ਮੰਤਰੀ ਨੂੰ ਗ੍ਰਿਫ਼ਤਾਰ ਕੀਤਾ ਸੀ। ਦੂਜੇ ਪਾਸੇ 'ਆਪ' ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਦੋਸ਼ ਲਾਇਆ ਕਿ ਐਨਫੋਰਸਮੈਂਟ ਡਾਇਰੈਕਟੋਰੇਟ ਵੱਲੋਂ ਸਤੇਂਦਰ ਜੈਨ ਦੀ ਗ੍ਰਿਫ਼ਤਾਰੀ ਸਿਆਸੀ ਕਾਰਨਾਂ ਕਰਕੇ ਕੀਤੀ ਗਈ ਤੇ ਜੈਨ ਆਖਿਰਕਾਰ ਇਸ ਕੇਸ 'ਚੋਂ ਪਾਕਿ-ਸਾਫ਼ ਨਿਕਲਣਗੇ। ਸਤੇਂਦਰ ਜੈਨ ਦਾ ਬਚਾਅ ਕਰਦਿਆਂ ਕੇਜਰੀਵਾਲ ਨੇ ਕਿਹਾ ਕਿ ਉਹ ਇੱਕ ਕੱਟੜ ਦੇਸ਼ ਭਗਤ ਤੇ ਇੱਕ ਇਮਾਨਦਾਰ ਵਿਅਕਤੀ ਹਨ ਅਤੇ ਉਨ੍ਹਾਂ ਖ਼ਿਲਾਫ਼ ਲੱਗੇ ਦੋਸ਼ ਪੂਰੀ ਤਰ੍ਹਾਂ ਝੂਠੇ ਹਨ। ਉਨ੍ਹਾਂ ਕਿਹਾ ਕਿ ਜੇ ਸ੍ਰੀ ਜੈਨ ਖ਼ਿਲਾਫ਼ ਦੋਸ਼ਾਂ ਵਿੱਚ ਇੱਕ ਫੀਸਦੀ ਵੀ ਸਚਾਈ ਹੁੰਦੀ ਤਾਂ ਉਹ ਖੁਦ ਉਨ੍ਹਾਂ ਨੂੰ ਬਰਖਾਸਤ ਕਰ ਦਿੰਦੇ। ਉਨ੍ਹਾਂ ਕਿਹਾ, 'ਅਸੀਂ ਭਗਤ ਸਿੰਘ ਦੇ ਆਦਰਸ਼ਾਂ 'ਤੇ ਚੱਲਦੇ ਹਾਂ। ਉਨ੍ਹਾਂ ਦੇਸ਼ ਲਈ ਆਪਣੀ ਜਾਨ ਕੁਰਬਾਨ ਕੀਤੀ। ਹਰ 'ਆਪ' ਵਰਕਰ ਜਾਣਦਾ ਹੈ ਕਿ ਜੇਕਰ ਉਨ੍ਹਾਂ ਨੂੰ ਪਾਰਟੀ 'ਚ ਰਹਿਣਾ ਹੈ ਤਾਂ ਉਨ੍ਹਾਂ ਆਪਣੀ ਜਾਨ ਕੁਰਬਾਨ ਕਰਨ ਤੇ ਜੇਲ੍ਹ ਜਾਣ ਲਈ ਤਿਆਰ ਰਹਿਣਾ ਚਾਹੀਦਾ ਹੈ।'

ਸਤਿੰਦਰ ਜੈਨ ਨੂੰ ਅਦਾਲਤ ਵਿੱਚ ਪੇਸ਼ ਕਰਨ ਲਈ ਲੈ ਕੇ ਜਾਂਦੇ ਹੋਏ ਈਡੀ ਅਧਿਕਾਰੀ। -ਫੋਟੋ: ਮਾਨਸ ਰੰਜਨ ਭੂਈ

ਸ੍ਰੀ ਕੇਜਰੀਵਾਲ ਨੇ ਕਿਹਾ, 'ਅਸੀਂ ਕੱਟੜ ਦੇਸ਼ ਭਗਤ ਹਾਂ। ਅਸੀਂ ਭ੍ਰਿਸ਼ਟਾਚਾਰ ਨੂੰ ਦੇਸ਼ ਨਾਲ ਧੋਖਾ ਸਮਝਦੇ ਹਾਂ। ਅਸੀਂ ਮਰ ਸਕਦੇ ਹਾਂ ਪਰ ਆਪਣੇ ਦੇਸ਼ ਨਾਲ ਧੋਖਾ ਨਹੀਂ ਕਰ ਸਕਦੇ।' ਪੰਜਾਬ ਦੇ ਤਾਜ਼ਾ ਮਾਮਲੇ ਦਾ ਹਵਾਲਾ ਦਿੰਦਿਆਂ ਉਨ੍ਹਾਂ ਕਿਹਾ ਕਿ ਸੂਬੇ ਦੇ ਸਿਹਤ ਮੰਤਰੀ ਵਿਜੈ ਸਿੰਗਲਾ ਨੂੰ ਭ੍ਰਿਸ਼ਟਾਚਾਰ ਦੇ ਦੋਸ਼ਾਂ ਕਾਰਨ ਬਰਖਾਸਤ ਕੀਤਾ ਗਿਆ ਸੀ। ਉਨ੍ਹਾਂ ਕਿਹਾ ਕਿ 2015 ਵਿੱਚ ਵੀ ਉਨ੍ਹਾਂ ਆਪਣੇ ਖੁਰਾਕ ਮੰਤਰੀ (ਆਸਿਮ ਅਹਿਮਦ ਖਾਨ) ਨੂੰ ਬਰਖਾਸਤ ਕਰਕੇ ਸੀਬੀਆਈ ਹਵਾਲੇ ਕਰ ਦਿੱਤਾ ਗਿਆ। ਦੁਨੀਆ ਦੀ ਕਿਸੇ ਵੀ ਸਿਆਸੀ ਪਾਰਟੀ ਦੀ ਇਮਾਨਦਾਰੀ ਦਾ ਇਹ ਪੱਧਰ ਕਿਸੇ ਨੇ ਨਹੀਂ ਦੇਖਿਆ ਹੋਵੇਗਾ।

ਪੀਐੱਮਐੱਲਏ ਸਿਆਸੀ ਮਕਸਦ ਪੂਰੇ ਕਰਨ ਦਾ ਹਥਿਆਰ: ਸਿੱਬਲ

ਨਵੀਂ ਦਿੱਲੀ: ਸਾਬਕਾ ਕੇਂਦਰੀ ਮੰਤਰੀ ਕਪਿਲ ਸਿੱਬਲ ਨੇ ਦਿੱਲੀ ਦੇ ਮੰਤਰੀ ਸਤੇਂਦਰ ਜੈਨ ਦੀ ਗ੍ਰਿਫ਼ਤਾਰੀ ਤੋਂ ਇੱਕ ਦਿਨ ਬਾਅਦ ਅੱਜ ਕਿਹਾ ਕਿ ਕਾਲੇ ਧਨ ਨੂੰ ਸਫੈਦ ਹੋਣ ਤੋਂ ਰੋਕਣ ਸਬੰਧੀ ਕਾਨੂੰਨ (ਪੀਐੱਮਐੱਲਏ) ਇੱਕ ਅਜਿਹਾ ਹਥਿਆਰ ਹੈ ਜੋ ਅਕਸਰ ਕਾਨੂੰਨੀ ਨਹੀਂ ਸਗੋਂ ਸਿਆਸੀ ਮਕਸਦਾਂ ਦੀ ਪੂਰਤੀ ਕਰਦਾ ਹੈ। ਸਿੱਬਲ ਨੇ ਟਵੀਟ ਕੀਤਾ, 'ਸਤੇਂਦਰ ਜੈਨ ਨੂੰ ਕਥਿਤ ਮਨੀ ਲਾਂਡਰਿੰਗ ਮਾਮਲੇ 'ਚ ਪੀਐੱਮਐੱਲਏ ਤਹਿਤ ਗ੍ਰਿਫ਼ਤਾਰ ਕੀਤਾ ਗਿਆ ਹੈ। ਪੀਐੱਮਐੱਲਏ ਦੀ ਵੱਡੇ ਪੱਧਰ 'ਤੇ ਦੁਰਵਰਤੋਂ ਹੋ ਰਹੀ ਹੈ। ਇਹ ਇੱਕ ਅਜਿਹਾ ਹਥਿਆਰ ਹੈ ਜੋ ਅਕਸਰ ਕਾਨੂੰਨੀ ਨਹੀਂ ਸਗੋਂ ਸਿਆਸੀ ਮੰਤਵਾਂ ਦੀ ਪੂਰਤੀ ਕਰਦਾ ਹੈ।' -ਪੀਟੀਆਈ



Most Read

2024-09-20 03:57:10